ਪੱਤਰ ਪ੍ਰੇਰਕ
ਰਾਜਪੁਰਾ, 10 ਸਤੰਬਰ
ਇੱਥੋਂ ਦੇ ਗੁਰਦੁਆਰਾ ਰਾਮਗੜ੍ਹੀਆ ਸਭਾ ਵਿਖੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੀ ਮੀਟਿੰਗ ਸੂਬਾ ਸਕੱਤਰ ਮਨਜੀਤ ਸਿੰਘ ਘੁੰਮਾਣਾ ਅਤੇ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਹੈਪੀ ਦੀ ਸਾਂਝੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ਅਤੇ ਹਰਿਆਣਾ ਦੇ ਇੰਚਾਰਜ ਮਨਜੋਤ ਸਿੰਘ ਗਰੇਵਾਲ, ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਅਤੇ ਜਨਰਲ ਸਕੱਤਰ ਸਤਪਾਲ ਸਿੰਘ ਜੋਸ਼ੀਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਯੂਨੀਅਨ ਦੇ ਸੂਬਾਈ ਪ੍ਰਧਾਨ ਦਿਲਬਾਗ ਸਿੰਘ ਗਿੱਲ ਵੱਲੋਂ ਸੂਬਾ ਸਕੱਤਰ ਮਨਜੀਤ ਸਿੰਘ ਘੁੰਮਾਣਾ ਨੂੰ ਜਥੇਬੰਦੀ ਦੀ ਮਜ਼ਬੂਤੀ ਲਈ ਪਟਿਆਲਾ, ਮੁਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਦਾ ਇੰਚਾਰਜ ਲਗਾਇਆ ਗਿਆ। ਯੂਨੀਅਨ ਦੇ ਸੂਬਾ ਪ੍ਰਧਾਨ ਸਣੇ ਹੋਰਨਾਂ ਬੁਲਾਰਿਆਂ ਨੇ ਆਖਿਆ ਕਿ ਅਜੋਕੇ ਸਮੇਂ ਵਿੱਚ ਕਿਸਾਨੀ ਕਈ ਮੁਸ਼ਕਲਾਂ ਵਿੱਚ ਘਿਰੀ ਹੋਈ ਹੈ। ਸਮੇਂ ਦੀਆਂ ਸਰਕਾਰਾਂ ਵੱਲੋਂ ਕਿਸਾਨਾਂ ਦੀ ਬਾਂਹ ਨਹੀਂ ਫੜੀ ਜਾ ਰਹੀ। ਉਨ੍ਹਾਂ ਯੂਨੀਅਨ ਆਗੂਆਂ ਨੂੰ ਪਿੰਡ ਪੱਧਰ ’ਤੇ ਲਾਮਬੰਦੀ ਕਰਨ ਦਾ ਸੱਦਾ ਦਿੱਤਾ ਤਾਂ ਜੋ ਕਿਸਾਨੀ ਦੀਆਂ ਮੰਗਾਂ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾ ਸਕੇ। ਇਸ ਮੌਕੇ ਸਤਨਾਮ ਸਿੰਘ ਖਲੌਰ, ਜਸਵੀਰ ਸਿੰਘ ਜੱਸੀ, ਜਸਵੀਰ ਸਿੰਘ ਭਟੇੜੀ, ਗੁਰਤੇਜ ਸਿੰਘ ਬਸੰਤਪੁਰਾ, ਗੁਰਦੀਪ ਸਿੰਘ ਮਰਦਾਂਪੁਰ ਸਮੇਤ ਹੋਰ ਮੌਜੂਦ ਸਨ।