ਅਸ਼ਵਨੀ ਗਰਗ/ਮਾਨਵਜੋਤ ਭਿੰਡਰ
ਸਮਾਣਾ/ਡਕਾਲਾ, 12 ਜੁਲਾਈ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅੱਜ ਸਮਾਣਾ ਹਲਕੇ ਦੇ ਪ੍ਰਭਾਵਿਤ ਪਿੰਡਾਂ ਧਰਮਹੇੜੀ, ਘਿਊਰਾ, ਕਮਾਸਪੁਰ, ਧਨੌਰੀ, ਨਵਾਂ ਗਾਊ, ਬੀਬੀਪੁਰ, ਗਾਜੀਸਲਾਰ, ਰਾਜਲਾ, ਡਰੌਲਾ, ਡਰੌਲੀ, ਭਾਨਰਾ, ਭਾਨਰੀ, ਮੈਣ, ਸੱਸਾ ਗੁੱਜਰਾਂ, ਸੱਸਾ ਥੇਹ, ਮਾਂਗਟਾਂ, ਸਮਸਪੁਰ ਆਦਿ ਪਿੰਡਾਂ ਦੇ ਲੋਕਾਂ ਦੀ ਮਦਦ ਲਈ ਪੁੱਜੇ। ਉਨ੍ਹਾਂ ਕਿਹਾ ਕਿ ਇਸ ਬਰਬਾਦੀ ਦਾ ਕਾਰਨ ਹਰਿਆਣਾ ਸਰਕਾਰ ਬਣੀ ਹੈ।
ਇਸ ਮੌਕੇ ਜੋੜਾਮਾਜਰਾ ਨੇ ਇਨ੍ਹਾਂ ਪਿੰਡਾਂ ਦੇ ਵਾਸੀਆਂ ਨਾਲ ਗੱਲਬਾਤ ਕਰ ਕੇ ਇੱਥੇ ਲੋੜੀਂਦੀਆਂ ਕਿਸ਼ਤੀਆਂ ਤੇ ਹੋਰ ਰਾਹਤ ਸਮੱਗਰੀ ਭਿਜਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਨਾਲ ਹੀ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਪਾਣੀ ਦੀ ਆਮਦ ਕਰ ਕੇ ਸੁਰੱਖਿਅਤ ਥਾਵਾਂ ਉੱਤੇ ਜਾਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਪੀਲ ’ਤੇ ਜ਼ਰੂਰ ਅਮਲ ਕਰਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਰਹਾਲੀ ਸਾਹਿਬ ਵਿੱਚ ਠਹਿਰਾਅ ਦੇ ਪਬ੍ਰੰਧ ਕੀਤੇ ਗਏ ਹਨ ਤੇ ਹੋਰ ਵੀ ਲੋੜੀਂਦੀ ਰਾਹਤ ਸਮੱਗਰੀ ਪੁੱਜਦੀ ਕਰਵਾਈ ਜਾ ਰਹੀ ਹੈ।
ਜੌੜਾਮਾਜਰਾ ਨੇ ਹਰਿਆਣਾ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਹਰਿਆਣਾ ਵੱਲੋਂ ਹਾਂਸੀ ਬੁਟਾਣਾ ਨਹਿਰ ਦੇ ਹੇਠਾਂ ਧਰਮੇੜੀ ਤੋਂ ਅੱਗੇ ਜਾ ਕੇ ਹਰਿਆਣਾ ਦੇ ਪਿੰਡ ਸਰੋਲਾ ਘੱਗਰ ਸਾਇਫਨ ਦੀ ਸਫਾਈ ਨਾ ਕਰਵਾਏ ਜਾਣ ਕਰ ਕੇ ਡਾਫ਼ ਲੱਗੀ ਹੈ। ਇਸ ਨਾਲ ਇਲਾਕੇ ਦੇ ਪਿੰਡ ਪਾਣੀ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਕੈਥਲ ਦੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਨ ਲਈ ਕਿਹਾ ਹੈ।