ਪੱਤਰ ਪ੍ਰੇਰਕ
ਰਾਜਪੁਰਾ, 9 ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਨਗਰ ਕੌਂਸਲ ਚੋਣਾਂ ਲਈ ਹਲਕਾ ਰਾਜਪੁਰਾ ਦੇ ਇੰਚਾਰਜ ਹਰਪਾਲ ਜੁਨੇਜਾ ਨੇ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਇੱਕ ਦਰਜਨ ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਮੀਟਿੰਗਾਂ ਕੀਤੀਆ। ਇਨ੍ਹਾਂ ਮੀਟਿੰਗਾਂ ਦੌਰਾਨ ਚੰਦੂਮਾਜਰਾ ਨੇ ਆਖਿਆ ਕਿ ਅਕਾਲੀ-ਭਾਜਪਾ ਗੱਠਜੋੜ ਟੁੱਟਣ ਤੋਂ ਬਾਅਦ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਇਕੱਲੇ ਤੌਰ ’ਤੇ ਨਗਰ ਕੌਂਸਲ ਰਾਜਪੁਰਾ ਦੀਆਂ ਚੋਣਾਂ ਲੜ ਕੇ ਇਨ੍ਹਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ। ਇਨ੍ਹਾਂ ਮੀਟਿੰਗਾਂ ਵਿੱਚ ਸਰਕਲ ਪ੍ਰਧਾਨ ਰਣਜੀਤ ਸਿੰਘ ਰਾਣਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਯੂਥ ਅਕਾਲੀ ਆਗੂ ਅਮਰਿੰਦਰ ਸਿੰਘ ਹੈਪੀ ਹਾਸ਼ਮਪੁਰ, ਅਬਰਿੰਦਰ ਸਿੰਘ ਕੰਗ, ਅਬਰਿੰਦਰਪਾਲ ਸਿੰਘ ਰਾਜੂ, ਬਹਾਦਰ ਸਿੰਘ ਭੰਗੂ, ਜਸਪਾਲ ਸਿੰਘ ਸਮੇਤ ਹੋਰਾਂ ਨੇ ਵਿਚਾਰ ਪ੍ਰਗਟ ਕੀਤੇ।
ਧੂਰੀ (ਖੇਤਰੀ ਪ੍ਰਤੀਨਿਧ): ਵਾਰਡ-9 ਤੋਂ ਕਾਂਗਰਸੀ ਉਮੀਦਵਾਰ ਅਮਨਦੀਪ ਕੌਰ ਔਲਖ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਕ ਵੱਖਰੇ ਪ੍ਰੋਗਰਾਮ ਤਹਿਤ ਉਨ੍ਹਾਂ ਨੂੰ ਸਿਨੇਮਾ ਰੋਡ ਉੱਪਰ ਉਨ੍ਹਾਂ ਦੇ ਸਮਰੱਥਕਾਂ ਵੱਲੋਂ ਲੱਡੂਆਂ ਨਾਲ ਤੋਲਿਆ ਗਿਆ। ਉਨ੍ਹਾਂ ਦੀ ਇਸ ਚੋਣ ਮੁਹਿੰਮ ਨੂੰ ਵਿਧਾਇਕ ਦਲਵੀਰ ਸਿੰਘ ਗੋਲਡੀ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਮੁਨੀਸ਼ ਗਰਗ, ਬਲਵਿੰਦਰ ਸਿੰਘ ਬਿੱਲੂ ਵੱਲੋਂ ਪੂਰੀ ਤਰ੍ਹਾਂ ਭਖਾ ਰੱਖਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਔਲਖ ਨੇ ਕਿਹਾ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਦੇ ਕਰਵਾਏ ਵਿਕਾਸ ਕਾਰਜਾਂ ਨੂੰ ਧਿਆਨ ਵਿੱਚ ਰੱਖ ਕੇ ਲੋਕਾਂ ਤੋਂ ਵੋਟਾਂ ਮੰਗੀਆਂ ਜਾ ਰਹੀਆਂ ਹਨ ਅਤੇ ਵੋਟਰਾਂ ਵੱਲੋਂ ਉਨ੍ਹਾਂ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।
ਰਾਜਪੁਰਾ (ਨਿੱਜੀ ਪੱਤਰ ਪ੍ਰੇਰਕ): ਵਾਰਡ ਨੰਬਰ 27 (ਰਿਜ਼ਰਵ ਮਹਿਲਾ) ਵਿੱਚ ਖੜ੍ਹੇ 7 ਉਮੀਦਵਾਰਾਂ ਵਿਚ ਇਕ ਅਜਿਹਾ ਆਜ਼ਾਦ ਉਮੀਦਵਾਰ ਵੀ ਹੈ, ਜਿਸ ਨੇ ਟ੍ਰਿਪਲ ਐੱਮ,ਏ, ਕੀਤੀ ਹੋਈ ਹੈ। ਵਾਰਡ ਨੰਬਰ 27 ਵਿਚ ਖੜੀ ਆਜ਼ਾਦ ਉਮੀਦਵਾਰ ਕੁਮਾਰੀ ਅੰਜੂ ਸਹਿਗਲ ਨੇ ਦੱਸਿਆ ਕਿ ਉਸ ਨੇ ਐਮ,ਏ, ਪੰਜਾਬੀ, ਐਮ,ਏ, ਹਿਸਟਰੀ, ਡਿਪਲੋਮਾ ਟਰਾਂਸਲੇਸ਼ਨ ਅੰਗਰੇਜ਼ੀ ਤੋਂ ਹਿੰਦੀ (ਸਾਰੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ) ਅਤੇ ਐਮ,ਏ, ਹਿੰਦੀ (ਪੰਜਾਬੀ ਯੂਨੀਵਰਸਿਟੀ ਪਟਿਆਲਾ) ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਸਿਹਤਮੰਦ ਲੋਕਤੰਤਰ ਲਈ ਜ਼ਰੂਰੀ ਹੈ ਕਿ ਸਿੱਖਿਅਤ ਵਰਗ ਨੂੰ ਵੀ ਚੋਣਾਂ ਵਿਚ ਹਿੱਸਾ ਲੈਣਾ ਚਾਹੀਦਾ ਹੈ। ਇਹ ਉਨ੍ਹਾਂ ਦੀ ਪਹਿਲੀ ਚੋਣ ਹੈ।
ਉਮੀਦਵਾਰਾਂ ਦੇ ਚੋਣ ਦਫ਼ਤਰਾਂ ਦਾ ਉਦਘਾਟਨ
ਭਵਾਨੀਗੜ੍ਹ (ਪੱਤਰ ਪ੍ਰੇਰਕ): ਨਗਰ ਕੌਂਸਲ ਭਵਾਨੀਗੜ੍ਹ ਦੀ ਚੋਣ ਵਿੱਚ ਵਾਰਡ-11 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਨਾਲ ਆਜ਼ਾਦ ਉਮੀਦਵਾਰ ਵਜੋਂ ਚੋਣ ਵਿੱਚ ਖੜੀ ਇੰਦਰਜੀਤ ਕੌਰ ਦੇ ਦਫ਼ਤਰ ਦਾ ਉਦਘਾਟਨ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੇ ਕੀਤਾ। ਇਸ ਮੌਕੇ ਸ੍ਰੀ ਗਰਗ ਨੇ ਕਿਹਾ ਕਿ ਪਿਛਲੇ 4 ਸਾਲਾਂ ਦੌਰਾਨ ਕੈਪਟਨ ਸਰਕਾਰ ਨੇ ਵਿਕਾਸ ਕਾਰਜਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਨਾ ਹੀ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਸ਼ਹਿਰ ਵਿੱਚ ਕੈਬਨਿਟ ਮੰਤਰੀ ਸਿੰਗਲਾ ਵੱਲੋਂ ਅਕਾਲੀ ਸਰਕਾਰ ਸਮੇਂ ਦੇ ਸ਼ੁਰੂ ਕੀਤੇ ਪ੍ਰਾਜੈਕਟਾਂ ਦੇ ਉਦਘਾਟਨ ਕਰਕੇ ਲੋਕਾਂ ਨੂੰ ਪਾਗਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਨਗਰ ਕੌਂਸਲ ਚੋਣਾਂ ਵਿੱਚ ਕੀਤੀ ਜਾ ਰਹੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਧੂਰੀ (ਨਿੱਜੀ ਪੱਤਰ ਪ੍ਰੇਰਕ): ਸ਼ਹਿਰ ਦੇ ਹਰ ਗਲੀ, ਮੁਹੱਲੇ ਵਿੱਚ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਸਮੇਤ ਅਨੇਕਾਂ ਆਜ਼ਾਦ ਉਮੀਦਵਾਰਾਂ ਦੇ ਲੱਗੇ ਬੈਨਰਾਂ ਨਾਲ ਸ਼ਹਿਰ ਵਿੱਚ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ। ਇਸੇ ਲੜੀ ਵਿੱਚ ਵਾਰਡ ਨੰਬਰ-2 ’ਚੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਸਾਬਕਾ ਐਮ.ਸੀ. ਪੁਸ਼ਪਿੰਦਰ ਸ਼ਰਮਾ ਨੇ ਆਪਣੇ ਚੋਣ ਦਫਤਰ ਦਾ ਉਦਘਾਟਨ ਇੱਕ ਦਿਵਿਆਂਗ ਔਰਤ ਦੇ ਹੱਥੋਂ ਰੀਬਨ ਕਟਵਾ ਕੇ ਕਰਦਿਆਂ ਇੱਕ ਨਿਵੇਕਲੀ ਪਹਿਲ ਕੀਤੀ ਹੈ।
ਉਥੇ ਹੀ ਵਾਰਡ ਨੰਬਰ 14 (ਜਨਰਲ) ਤੋਂ ਆਜ਼ਾਦ ਉਮੀਦਵਾਰ ਅਤੇ ਨਗਰ ਕੌਂਸਲ ਧੂਰੀ ਦੇ ਸਾਬਕਾ ਪ੍ਰਧਾਨ ਸਵ. ਰਘੁਵੀਰ ਚੰਦ ਥਾਣੇਦਾਰ ਦੇ ਸਪੁੱਤਰ ਰਾਕੇਸ਼ ਕੁਮਾਰ ਰਿੰਕੂ ਚੌਧਰੀ ਨੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਆਪਣੀ ਮਾਤਾ ਸਰੋਜ ਰਾਣੀ ਤੋਂ ਆਪਣੇ ਚੋਣ ਦਫਤਰ ਦਾ ਉਦਘਾਟਨ ਕਰਵਾ ਕੇ ਕੀਤੀ।