ਅਸ਼ਵਨੀ ਗਰਗ/ਗੂਰਨਾਮ ਸਿੰਘ ਚੌਹਾਨ
ਸਮਾਣਾ/ਪਾਤੜਾਂ, 6 ਫਰਵਰੀ
ਨਗਰ ਕੌਂਸਲ ਚੋਣਾਂ ’ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਸਮਾਣਾ ਤੇ ਪਾਤੜਾਂ ਪੁੱਜੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਵਰਕਰਾਂ ਤੇ ਆਗੂਆਂ ਨੂੰ ਕਿਹਾ ਕਿ ਉਹ ਆਪਸੀ ਮਤਭੇਦ ਭੁਲਾ ਕੇ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਜੀਅ ਜਾਨ ਨਾਲ ਪ੍ਰਚਾਰ ਕਰਨ ਤਾਂ ਜੋ ਪਾਰਟੀ ਦੀ ਜਿੱਤ ਯਕੀਨੀ ਹੋ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਚੇਤਾਵਨੀ ਵੀ ਦਿੱਤੀ ਕਿ ਪਾਰਟੀ ਉਮੀਦਵਾਰਾਂ ਦਾ ਵਿਰੋਧ ਕਰਨ ਵਾਲੇ ਆਗੂਆਂ ਤੇ ਵਰਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ੍ਰੀਮਤੀ ਪ੍ਰਨੀਤ ਕੌਰ ਨੇ ਹਲਕਾ ਸਮਾਣਾ ਦੇ ਵਿਧਾਇਕ ਰਾਜਿੰਦਰ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਡਾ.ਮੋਹਨ ਲਾਲ ਸ਼ਰਮਾ, ਪਵਨ ਸ਼ਾਸਤਰੀ ਤੇ ਵਿਧਾਇਕ ਨਿਰਮਲ ਸਿੰਘ ਨਾਲ ਗਰੀਨ ਟਾਊਨ, ਐਮ.ਸੀ. ਚੌਂਕ, ਮਲਕਾਣਾ ਪੱਤੀ ਅਤੇ ਅੰਬੇਡਕਰ ਚੌਂਕ ਆਦਿ ਵਿੱਚ ਕਾਂਗਰਸੀ ਉਮੀਦਵਾਰਾਂ ਦੇ ਹੱਕ ’ਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਦੇ ਚਹੁੰਪੱਖੀ ਵਿਕਾਸ ਲਈ ਬਿਨ੍ਹਾਂ ਕਿਸੇ ਵਿਤਕਰੇ ਤੋਂ ਗ੍ਰਾਂਟਾਂ ਜਾਰੀ ਕੀਤੀਆਂ ਹਨ। ਕਾਂਗਰਸ ਪਾਰਟੀ ਇਨ੍ਹਾਂ ਚੋਣਾਂ ’ਚ ਵਿਕਾਸ ਦੇ ਕੰਮਾਂ ਦੇ ਨਾਮ ’ਤੇ ਵੋਟਾਂ ਮੰਗ ਰਹੀ ਹੈ ਅਤੇ ਉਨ੍ਹਾਂ ਨੂੰ ਯਕੀਨ ਹੈ ਕਿ ਸਮਾਣਾ ਸ਼ਹਿਰ ’ਚ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਵੱਡੇ ਫਰਕ ਨਾਲ ਜਿੱਤਣਗੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤਾਨਾਸ਼ਾਹੀ ਰਵੱਈਆ ਅਖ਼ਤਿਆਰ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਹੱਕਾਂ ਲਈ ਆਵਾਜ਼ ਉਠਾ ਰਹੇ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਕੇ ਲੋਕਤੰਤਰ ਦਾ ਘਾਣ ਕੀਤਾ ਹੈ। ਇਸੇ ਕਾਰਨ ਅੱਜ ਦੇਸ਼ ਦਾ ਕਿਸਾਨ ਸੜਕਾਂ ’ਤੇ ਹੈ ਤੇ ਅੰਦੋਲਨ ਕਰ ਰਿਹਾ ਹੈ। ਵਿਧਾਇਕ ਰਾਜਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਦੀ ਅਗਵਾਈ ਹੇਠ ਸਮਾਣਾ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ।