ਰਵੇਲ ਸਿੰਘ ਭਿੰਡਰ
ਪਟਿਆਲਾ, 1 ਨਵੰਬਰ
ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਦੀ ਅਗਵਾਈ ਹੇਠ ਭਲਕੇ 2 ਨਵੰਬਰ ਦੇ ਧਰਨੇ ਸਬੰਧੀ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਸਾਰੇ ਵਿੰਗਾਂ ਦੇ ਅਹੁਦੇਦਾਰ ਸ਼ਾਮਲ ਹੋਏ। ਮੀਟਿੰਗ ਵਿੱਚ ਧਰਨੇ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪ੍ਰਧਾਨ ਹਰਪਾਲ ਜੁਨੇਜਾ ਨੇ ਕਿਹਾ ਕਿ ਕੈਪਟਨ ਦਾ ਸਾਧੂ ਦਲਿਤਾਂ ਅਤੇ ਗਰੀਬਾਂ ਦਾ ਗੁਨਾਹਗਾਹ ਹੈ ਅਤੇ ਪੰਜਾਬ ਦੇ ਲੋਕ ਉਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਾਧੂ ਸਿੰਘ ਧਰਮਸੋਤ ਦੇ ਘਰ ਦੇ ਬਾਹਰ ਦਿੱਤਾ ਜਾਣ ਵਾਲਾ ਧਰਨਾ ਲਾਮਿਸਾਲ ਹੋਵੇਗਾ ਅਤੇ ਇਹ ਧਰਨਾ 64 ਕਰੋੜ ਰੁਪਏ ਦੇ ਘੁਟਾਲੇ ਵਿਚ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣ ਵਾਲੀ ਕਾਂਗਰਸ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ।
ਧਰਮਸੋਤ ਨੂੰ ਬਰਖ਼ਾਸਤ ਕਰਵਾ ਕੇ ਹੀ ਦਮ ਲਵਾਂਗੇ: ਦਾਸ
ਨਾਭਾ: ਦਲਿਤ ਵਰਗ ਨਾਲ ਸਬੰਧਤ ਵਿਦਿਆਰਥੀਆਂ ’ਤੇ ਆਧਾਰਿਤ ਵਜ਼ੀਫਾ ਸਕੀਮ ਵਿੱਚ 64 ਕਰੋੜ ਰੁਪਏ ਦਾ ਕਥਿਤ ਘੁਟਾਲਾ ਕਰਨ ਦੇ ਦੋਸ਼ਾਂ ’ਚ ਘਿਰੇ ਨਾਭਾ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ 2 ਨਵੰਬਰ ਨੂੰ ਰਾਜ ਪੱਧਰਾ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਇਸ ਧਰਨੇ ਦੇ ਮੁੱਖ ਪ੍ਰਬੰਧਕ ਕਬੀਰ ਦਾਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਧਰਨੇ ਵਿਚ ਜਿੱਥੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ, ਉਥੇ ਹੀ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਅਕਾਲੀ ਦਲ ਦੇ ਐੱਸਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ, ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਸਮੇਤ ਕਈ ਹੋਰ ਸੀਨੀਅਰ ਆਗੂ ਅਤੇ ਅਕਾਲੀ ਵਰਕਰ ਵੀ ਸ਼ਿਰਕਤ ਕਰਨਗੇ। -ਨਿੱਜੀ ਪੱਤਰ ਪ੍ਰੇਰਕ