ਪੱਤਰ ਪ੍ਰੇਰਕ
ਰਾਜਪੁਰਾ, 8 ਜੁਲਾਈ
ਇਥੋਂ ਦੇ ਫੁਹਾਰਾ ਚੌਂਕ ਵਿੱਚ ਸੂਰਜਮੁਖੀ ਦਾ ਘਟੀਆ ਬੀਜ ਵੇਚਣ ਦੇ ਮਾਮਲੇ ਵਿੱਚ ਨਾਮਜ਼ਦ ਤਿੰਨ ਦੁਕਾਨਦਾਰਾਂ ਤੇ ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਅਧਿਕਾਰੀ ਖ਼ਿਲਾਫ਼ ਕਾਰਵਾਈ ਅਤੇ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਆਗੂਆਂ ਰਣਜੀਤ ਸਿੰਘ, ਬਲਦੇਵ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਨੰਬਰਦਾਰ ਹਰਬੀਰ ਸਿੰਘ ਅਤੇ ਮਨਜੀਤ ਸਿੰਘ ਸਾਂਝੀ ਅਗਵਾਈ ਵਿੱਚ ਕਿਸਾਨਾਂ ਦਾ ਧਰਨਾ ਪੰਜਵੇਂ ਦਿਨ ਵੀ ਜਾਰੀ ਰਿਹਾ। ਧਰਨੇ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਮਰਥਨ ਦੇਣ ਲਈ ਪੁੱਜੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਸਿੰਘ ਗੌਂਸਪੁਰ ਨੇ ਕਿਹਾ ਕਿ ਇਨਸਾਫ਼ ਦੀ ਮੰਗ ਨੂੰ ਲੈ ਕੇ ਜਾਰੀ ਕਿਸਾਨ ਧਰਨੇ ਨੂੰ ਸਤਾਧਾਰੀ ਧਿਰ ਦੇ ਇਸ਼ਾਰੇ ’ਤੇ ਪ੍ਰਸ਼ਾਸਨ ਵੱਲੋਂ ਜਬਰੀ ਉਠਾਉਣ ਦੀਆਂ ਕੋਸ਼ਿਸ਼ਾਂ ਸਫਲ ਨਹੀਂ ਹੋਣਗੀਆਂ। ਆਪਣੇ ਹੱਕਾਂ ਲਈ ਕਿਸਾਨ ਇਕਜੁੱਟ ਹਨ। ਇਸ ਧਰਨੇ ਦੇ ਸਮਰਥਨ ਵਿੱਚ ਸੰਯੁਕਤ ਕਿਸਾਨ ਮੋਰਚੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਸ਼ਾਮਲ ਹੋ ਰਹੀਆ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ ਸੂਰਜਮੁਖੀ ਦਾ ਘਟੀਆ ਬੀਜ ਵੇਚਣ ਵਾਲੇ ਦੁਕਾਨਦਾਰਾਂ ਦੇ ਲਾਇਸੰਸ ਰੱਦ ਨਹੀਂ ਹੁੰਦੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜਾ ਨਹੀਂ ਮਿਲਦਾ, ਇਹ ਧਰਨਾ ਜਾਰੀ ਰਹੇਗਾ।