ਪੱਤਰ ਪ੍ਰੇਰਕ
ਘਨੌਰ, 18 ਜੁਲਾਈ
ਪਿੰਡ ਰੁੜਕੀ ਦੇ ਸਰਪੰਚ ਅਤੇ ਉਸ ਦੇ ਪਰਿਵਾਰਕ ਮੈਂਬਰਾਂ ’ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਹੇਠ ਪੁਲੀਸ ਨੇ 14 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਘਨੌਰ ਦੇ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਵਾਸੀ ਪਿੰਡ ਰੁੜਕੀ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਸ਼ਿਕਾਇਤ ਕਰਤਾ ਜਦੋਂ ਆਪਣੇ ਪਸ਼ੂਆਂ ਵਾਲੇ ਵਾੜੇ ਵਿੱਚ ਮੌਜੂਦ ਸੀ ਤਾਂ ਉਸ ਦੇ ਤਾਏ ਦੇ ਲੜਕੇ ਗੁਰਵਿੰਦਰ ਸਿੰਘ ਨੂੰ ਹਰਮੇਲ ਸਿੰਘ, ਜਗਦੀਪ ਸਿੰਘ, ਬਲਦੇਵ ਸਿੰਘ, ਦਲੇਰ ਸਿੰਘ ਗਾਲੀ ਗਲੋਚ ਕਰ ਰਹੇ ਸਨ ਜਦੋਂ ਸ਼ਿਕਾਇਤਕਰਤਾ ਨੇ ਇਨ੍ਹਾਂ ਨੂੰ ਗਾਲੀ ਗਲੋਚ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਸ਼ਿਕਾਇਤਕਰਤਾ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਦੀ ਕੁੱਟਮਾਰ ਕੀਤੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਹਮਲੇ ਵਿੱਚ ਸਰਪੰਚ ਰਣਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਸਰਪੰਚ ਰਣਜੀਤ ਸਿੰਘ ਦੀ ਸ਼ਿਕਾਇਤ ’ਤੇ ਪੁਲੀਸ ਨੇ ਹਮਲਾਵਰ ਧਿਰ ਦੇ ਹਰਮੇਲ ਸਿੰਘ, ਜਗਦੀਪ ਸਿੰਘ, ਬਲਦੇਵ ਸਿੰਘ, ਦਲੇਰ ਸਿੰਘ, ਸਿਕੰਦਰ ਸਿੰਘ, ਮੰਗਾ ਸਿੰਘ, ਸੰਦੀਪ ਸਿੰਘ, ਮਨਦੀਪ ਸਿੰਘ, ਵਰਿੰਦਰ ਸਿੰਘ, ਜਗਤਾਰ ਸਿੰਘ, ਸੁਰਿੰਦਰ ਸਿੰਘ, ਬਲਕਾਰ ਸਿੰਘ, ਹਰਿੰਦਰ ਸਿੰਘ ਅਤੇ ਖੁਸ਼ਦੀਪ ਸਿੰਘ ਵਾਸੀਆਨ ਪਿੰਡ ਰੂੜਕੀ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।