ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 30 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਨ ਵਿਰੁੱਧ ਕਿਸਾਨ ਸੰਘਰਸ਼ ਅੱਗੇ ਕੇਂਦਰ ਦੀ ਹਕੂਮਤ ਨੂੰ ਆਪਣੀ ਜ਼ਿੱਦ ਛੱਡ ਕੇ ਮਸਲੇ ਨੂੰ ਸੰਜਦੀਗੀ ਨਾਲ ਹੱਲ ਕਰਨ ਵੱਲ ਕਦਮ ਵਧਾਉਣੇ ਚਾਹੀਦੇ ਹਨ, ਨਹੀਂ ਤਾਂ ਕੇਂਦਰ ਸਰਕਾਰ ਨੂੰ ਕਿਸਾਨ ਸੰਘਰਸ਼ ਅੱਗੇ ਆਖਿਰ ਝੁਕਣਾ ਹੀ ਪਵੇਗਾ। ਭੁੰਦੜ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਦਿਹਾੜੇ ਦੀ ਮਹੱਤਤਾ ਨੂੰ ਸਮਝਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਅੰਨ ਭੰਡਾਰ ’ਚ ਯੋਗਦਾਨ ਪਾਉਣ ਵਾਲੇ ਕਿਸਾਨ ਅਤੇ ਕਿਸਾਨੀ ਨਾਲ ਜੁੜੇ ਮਸਲਿਆਂ ਦਾ ਹੱਲ ਕਰਨ। ਉਨ੍ਹਾਂ ਕਿਹਾ ਕਿ ਰਾਜ ਕਰਨ ਵਾਲੀਆਂ ਹਕੂਮਤਾਂ ਨੂੰ ਸੱਤਾ ਦੇ ਹੰਕਾਰ ’ਚ ਕਈ ਤਰ੍ਹਾਂ ਦੇ ਭਰਮ ਭੁਲੇਖੇ ਹੁੰਦੇ ਹਨ ਅਤੇ ਵੱਡੇ ਸੰਘਰਸ਼ਾਂ ਅੱਗੇ ਸਰਕਾਰਾਂ ਨੂੰ ਮਾੜੇ ਨਤੀਜੇ ਵੀ ਭੁਗਤਣੇ ਪਏ ਹਨ। ਭੂੰਦੜ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਕਿਸਾਨਾਂ ਨਾਲ ਲੰਮੇ ਲੜਾਈ ਛੇੜਕੇ ਦੇਸ਼ ਦਾ ਆਰਥਿਕ ਨੁਕਸਾਨ ਨਾ ਕਰੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਸਤਵਿੰਦਰ ਸਿੰਘ ਟੌਹੜਾ, ਲਖਵਿੰਦਰ ਸਿੰਘ ਲੌਟ ਆਦਿ ਹੋਰ ਹਾਜ਼ਰ ਸਨ।