ਖੇਤਰੀ ਪ੍ਰਤੀਨਿਧ
ਪਟਿਆਲਾ, 16 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਬਾਰਡਰ ਸਕਿਓਰਿਟੀ ਫੋਰਸ (ਬੀ.ਐੱਸ.ਐੱਫ) ਨੂੰ ਵਾਧੂ ਤਾਕਤਾਂ ਦੇਣ ਨਾਲ ਭਵਿੱਖ ਵਿੱਚ ਗੰਭੀਰ ਸਿੱਟੇ ਸਾਹਮਣੇ ਆ ਸਕਦੇ ਹਨ ਅਤੇ ਸੂਬੇ ਦੀ ਪੁਲੀਸ ਉੱਤੇ ਬੇਵਿਸਾਹੀ ਦੇ ਨਵੇਂ ਸ਼ੰਕੇ ਖੜ੍ਹੇ ਹੋ ਗਏ ਹਨ।
ਪ੍ਰੋ. ਬਡੂੰਗਰ ਨੇ ਕਿਹਾ ਕਿ ਬੀ.ਐੱਸ.ਐੱਫ ਨੂੰ ਵੱਧ ਅਧਿਕਾਰ ਦਿੱਤੇ ਜਾਣ ਨਾਲ ਦੇਸ਼ ਦੇ ਸੰਘੀ ਢਾਂਚੇ ਅਤੇ ਸੂਬਿਆਂ ਦੇ ਅਧਿਕਾਰਾਂ ’ਤੇ ਡਾਕੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਤਸਕਰੀ ਸਮੇਤ ਵੱਖ-ਵੱਖ ਅਪਰਾਧਾਂ ’ਤੇ ਸ਼ਿਕੰਜਾ ਕੱਸਣ ਦੇ ਮਨੋਰਥ ਨਾਲ ਬਾਰਡਰ ਸਕਿਓਰਿਟੀ ਫੋਰਸ (ਬੀ.ਐਸ.ਐਫ) ਦੇ ਅਧਿਕਾਰ ਨੂੰ ਵਧਾ ਦਿੱਤੇ ਜਾਣ ਨਾਲ ਸਿੱਧਾ ਕੰਟਰੋਲ ਕੇਂਦਰ ਸਰਕਾਰ ਦੇ ਹੱਥਾਂ ਵਿੱਚ ਚਲਿਆ ਜਾਵੇਗਾ ਤੇ ਉੱਥੋਂ ਰਾਜਾਂ ਲਈ ਹੋਰ ਮਾਰੂ ਫ਼ੈਸਲੇ ਭਵਿੱਖ ਵਿੱਚ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਰਾਜਾਂ ਦੇ ਵੱਧ ਅਧਿਕਾਰਾਂ ਵਿੱਚ ਦਖ਼ਲ ਅੰਦਾਜ਼ੀ ਕਰਕੇ ਸੰਘੀ ਢਾਂਚੇ ’ਤੇ ਸਿੱਧਾ ਹਮਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਲੋਕਾਂ ਵੱਲੋਂ ਵੀ ਇਸ ਫ਼ੈਸਲੇ ’ਤੇ ਸਖਤ ਨਾਰਾਜ਼ਗੀ ਪ੍ਰਗਟਾਈ ਜਾ ਰਹੀ ਹੈ।