ਪੱਤਰ ਪ੍ਰੇਰਕ
ਡਕਾਲਾ, 8 ਸਤੰਬਰ
ਗੁਰਦੁਆਰਾ ਕਰਹਾਲੀ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਚਰਨਛੋਹ ਅਸਥਾਨ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਉਲੀਕੇ ਗਏ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਕਰਹਾਲੀ ਸਾਹਿਬ ਵਿਖੇ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਅਤੇ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਹੋਇਆ। ਇਸ ਦੌਰਾਨ ਤਖਤ ਦਮਦਮਾ ਸਾਹਿਬ ਤਲਵੰਡੀ ਭਾਈ ਕੀ ਤੋਂ ਪੰਜ ਪਿਆਰਿਆ ਪਾਸੋਂ 90 ਦੇ ਕਰੀਬ ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਪੰਜ ਪਿਆਰਿਆਂ ਨੇ ਅੰਮ੍ਰਿਤ ਦੀ ਦਾਤ ਹਾਸਲ ਕਰਨ ਵਾਲਿਆਂ ਨੂੰ ਬਾਣੇ ਤੇ ਬਾਣੀ ਵਿਚ ਰਹਿ ਕੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਹੈੱਡ ਗ੍ਰੰਥੀ ਭਾਈ ਸਤਪਾਲ ਸਿੰਘ, ਭਾਈ ਪਰਵਿੰਦਰ ਸਿੰਘ ਬਰਾੜਾ, ਭਾਈ ਪੈਰਿਸ ਸਿੰਘ, ਢਾਡੀ ਭਾਈ ਗੁਰਪਿਆਰ ਸਿੰਘ ਜੋਹਰ, ਜਸਵੀਰ ਸਿੰਘ ਐਮਏ, ਭਾਈ ਚਮਕੌਰ ਸਿੰਘ, ਅਮਰਜੀਤ ਸਿੰਘ ਨਗਾਵਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।