ਪਟਿਆਲਾ (ਗੁਰਨਾਮ ਸਿੰਘ ਅਕੀਦਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਅੱਜ ਇੱਥੇ ਇਤਿਹਾਸਕ ਤੇ ਪੁਰਾਤਨ ਮੰਦਰ ਸ੍ਰੀ ਕਾਲੀ ਦੇਵੀ ਵਿਖੇ ਅੱਜ ਚੌਥੇ ਨਰਾਤੇ ਮੌਕੇ ਨਤਮਸਤਕ ਹੋਏ। ਇਸ ਦੌਰਾਨ ਡਾ. ਗੁਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਮੰਦਿਰ ਸ੍ਰੀ ਕਾਲੀ ਦੇਵੀ ਜੀ ਤੇ ਸ੍ਰੀ ਰਾਜ ਰਾਜੇਸ਼ਵਰੀ ਦੇਵੀ ਦੇ ਸਲਾਹਕਾਰੀ ਬੋਰਡ ਵੱਲੋਂ ਮਹਿਲਾ ਸਸ਼ਕਤੀਕਰਨ ਤਹਿਤ 20 ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਅਤੇ 20 ਖਿਡਾਰਨਾਂ ਨੂੰ ਖੇਡ ਕਿੱਟਾਂ ਦੇਣ ਦੀ ਰਸਮ ਅਦਾ ਕੀਤੀ। ਡਾ. ਗੁਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਮੰਦਰ ਦੇ ਸਲਾਹਕਾਰੀ ਬੋਰਡ ਵੱਲੋਂ ਬੱਚੀਆਂ ਦੀ ਮਦਦ ਕਰਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਜਿੱਥੇ ਇਨ੍ਹਾਂ ਬੱਚੀਆਂ ਦੀ ਹੌਸਲਾ ਅਫ਼ਜ਼ਾਈ ਹੋਵੇਗੀ ਉੱਥੇ ਵਿਦਿਆਰਥਣਾਂ ਨੂੰ ਪੜ੍ਹਾਈ ਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਦਾ ਮੌਕਾ ਮਿਲੇਗਾ। ਮੰਦਰ ਸ੍ਰੀ ਕਾਲੀ ਦੇਵੀ ਤੇ ਸ੍ਰੀ ਰਾਜ ਰਾਜੇਸ਼ਵਰੀ ਦੇਵੀ ਦੇ ਸਲਾਹਕਾਰੀ ਬੋਰਡ ਦੇ ਚੇਅਰਪਰਸਨ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ ਸਿੰਘਲ ਅਤੇ ਐੱਸ.ਡੀ.ਐੱਮ. ਡਾ. ਇਸਮਤ ਵਿਜੇ ਸਿੰਘ ਨੇ ਡਾ. ਗੁਰਪ੍ਰੀਤ ਕੌਰ ਤੇ ਮਨਪ੍ਰੀਤ ਕੌਰ ਦਾ ਰਸਮੀ ਸਵਾਗਤ ਕੀਤਾ।