ਖੇਤਰੀ ਪ੍ਰਤੀਨਿਧ
ਪਟਿਆਲਾ, 11 ਅਗਸਤ
ਜ਼ਿਲ੍ਹੇ ਵਿੱਚ ਕਿਸੇ ਕਿਸਮ ਦੀ ਮਹਾਂਮਾਰੀ ਹੋਣ ’ਤੇ ਉਸ ’ਤੇ ਜਲਦ ਕਾਬੂ ਪਾਉਣ ਦੇ ਲਈ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ. ਰਾਜੂ ਧੀਰ ਵੱਲੋਂ ਦਫ਼ਤਰ ਸਿਵਲ ਸਰਜਨ ਵਿੱਚ ਜ਼ਿਲ੍ਹਾ ਸਿਹਤ ਵਿਭਾਗ ਦਾ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਦਾ ਨੰਬਰ 0175-5128793 ਹੈ। ਸਿਵਲ ਸਰਜਨ ਡਾ. ਰਾਜੂ ਧੀਰ ਨੇ ਕਿਹਾ ਕਿ ਜਦੋਂ ਵੀ ਕਿਸੇ ਖੇਤਰ ਵਿੱਚ ਕੋਈ ਬਿਮਾਰੀ ਫੈਲਦੀ ਹੈ ਤਾਂ ਅਕਸਰ ਉਸ ਦੀ ਸੂਚਨਾ ਜ਼ਿਲ੍ਹਾ ਸਿਹਤ ਵਿਭਾਗ ਨੂੰ ਕਈ ਵਾਰ ਦੇਰ ਨਾਲ ਪ੍ਰਾਪਤ ਹੁੰਦੀ ਹੈ, ਜਿਸ ਨਾਲ ਬਿਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਕਾਫ਼ੀ ਸਮਾਂ ਲਗ ਜਾਂਦਾ ਜਾਂਦਾ ਹੈ। ਇਸ ਲਈ ਸਿਵਲ ਸਰਜਨ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ ਹੈ ਜੋ ਕਿ 24 ਘੰਟੇ ਖੁੱਲ੍ਹਾ ਰਹੇਗਾ ਅਤੇ ਛੁੱਟੀ ਵਾਲੇ ਦਿਨ ਵੀ ਚਲਦਾ ਰਹੇਗਾ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਖੇਤਰ ਵਿੱਚ ਉਲਟੀਆਂ, ਦਸਤ, ਬੁਖ਼ਾਰ ਜਿਵੇਂ ਡੇਂਗੂ, ਚਿਕਨਗੁਨੀਆਂ, ਕੋਵਿਡ ਆਦਿ ਦੇ ਕੇਸ ਜ਼ਿਆਦਾ ਮਾਤਰਾ ਵਿੱਚ ਆਉਣੇ ਸ਼ੁਰੂ ਹੁੰਦੇ ਹਨ ਤਾਂ ਅਜਿਹੀ ਸਥਿਤੀ ਵਿੱਚ ਲੋਕਾਂ ਵੱਲੋਂ ਇਸ ਨੰਬਰ ’ਤੇ ਸੂਚਨਾ ਦਿੱਤੀ ਜਾ ਸਕਦੀ। ਜ਼ਿਲ੍ਹਾ ਐਪੋਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਬਿਮਾਰੀਆਂ ਦੇ ਖਾਤਮੇ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ। ਇਸ ਤੋਂ ਇਲਾਵਾ ਸਿਹਤ ਸਬੰਧੀ ਹੋਰ ਕਿਸੇ ਕਿਸਮ ਦੀ ਵਧੇਰੇ ਜਾਣਕਾਰੀ ਲਈ ਰਾਜ ਪੱਧਰੀ ਹੈਲਪ ਲਾਈਨ ਨੰਬਰ 104 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।