ਗੁਰਨਾਮ ਸਿੰਘ ਅਕੀਦਾ
ਪਟਿਆਲਾ, 4 ਅਪਰੈਲ
ਪੰਜਾਬ ਦੇ ਮੁਹੱਲਿਆਂ ਕਸਬਿਆਂ ਤੇ ਪਿੰਡਾਂ ਵਿਚ ਬਣੇ ਸੇਵਾ ਕੇਂਦਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਮੁੜ ਖੋਲ੍ਹਣ ਦੀ ਆਵਾਜ਼ ਉੱਠਣ ਲੱਗੀ ਹੈ। ਇਹ ਸੇਵਾ ਕੇਂਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਸ਼ੁਰੂ ਕੀਤੇ ਸਨ ਤੇ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤੇ ਸਨ।
ਇਸ ਵੇਲੇ ਸੇਵਾ ਕੇਂਦਰਾਂ ਦੀਆਂ ਇਮਾਰਤਾਂ ਖੰਡਰ ਬਣ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਸੇਵਾ ਕੇਂਦਰ ਆਮ ਲੋਕਾਂ ਦੀ ਸਹੂਲਤ ਲਈ ਖੋਲ੍ਹੇ ਸਨ, ਪਰ ਅਮਰਿੰਦਰ ਸਿੰਘ ਸਰਕਾਰ ਨੇ ਸੇਵਾ ਕੇਂਦਰ ਬੰਦ ਕਰ ਦਿੱਤੇ ਸਨ। ਆਮ ਲੋਕਾਂ ਦੀ ਸਹੂਲਤ ਲਈ ਇਹ ਸੇਵਾ ਕੇਂਦਰ ਦੁਬਾਰਾ ਖੋਲ੍ਹੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਪਿੰਡਾਂ, ਸ਼ਹਿਰਾਂ, ਕਸਬਿਆਂ, ਮੁਹੱਲਿਆਂ ਵਿਚ 515 ਸੇਵਾ ਕੇਂਦਰ ਖੋਲ੍ਹੇ ਗਏ ਸਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਇਹ ਲੋਕਾਂ ਲਈ ਬਣਾਏ ਸਨ।
ਇਸ ਦੌਰਾਨ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਜੇਕਰ ਉਨ੍ਹਾਂ ਸਰਕਾਰ ਆ ਜਾਂਦੀ ਤਾਂ ਪਹਿਲਾਂ ਵਾਂਗ ਇਹ ਕੰਮ ਹੋਣਾ ਸੀ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਕਹਿੰਦੇ ਹਨ ਕਿ ਉਨ੍ਹਾਂ ਦੀ ਸਰਕਾਰ ਦਾ ਪਹਿਲਾ ਕੰਮ ਹੈ ਕਿ ਉਹ ਆਮ ਲੋਕਾਂ ਨੂੰ ਇੱਕੋ ਥਾਂ ਸੁਵਿਧਾਵਾਂ ਪ੍ਰਦਾਨ ਕਰੇ। ਸਰਕਾਰ ਦੇ ਇਹ ਧਿਆਨ ਵਿੱਚ ਹੈ।