ਸੁਭਾਸ਼ ਚੰਦਰ
ਸਮਾਣਾ, 21 ਅਗਸਤ
ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਮੁੱਖ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਨਾ ਦੇਣ ਦੇ ਰੋਸ ਵਜੋਂ ਇੱਕ ਰੋਸ ਤੇ ਮੰਗ ਪੱਤਰ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਰਾਹੀਂ ਮੁੱਖ ਮੰਤਰੀ ਨੂੰ ਭੇਜ ਕੇ ਮੰਗ ਪੱਤਰ ਵਿੱਚ ਦਰਜ ਮੰਗਾਂ ਦੇ ਨਿਪਟਾਰੇ ਲਈ ਮੀਟਿੰਗ ਦਾ ਸਮਾਂ ਦੇਣ ਦੀ ਮੰਗ ਕੀਤੀ ਗਈ।
ਇਸ ਦੌਰਾਨ ਕੈਬਨਿਟ ਮੰਤਰੀ ਦੇ ਅੱਜ ਸ਼ਹਿਰ ਵਿੱਚ ਨਾ ਹੋਣ ਕਾਰਨ ਇਹ ਮੰਗ ਪੱਤਰ ਨਾਇਬ ਤਹਿਸੀਲਦਾਰ ਸਤਿਗੁਰ ਸਿੰਘ, ‘ਆਪ’ ਆਗੂ ਗੁਲਜ਼ਾਰ ਸਿੰਘ ਤੇ ਬਲਕਾਰ ਸਿੰਘ ਗੱਜੂਮਾਜਰਾ ਨੇ ਲੈ ਕੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮੰਗ ਪੱਤਰ ਨੂੰ ਕੈਬਨਿਟ ਮੰਤਰੀ ਰਾਹੀਂ ਮੁੱਖ ਮੰਤਰੀ ਤੱਕ ਪੁੱਜਦਾ ਕਰਨਗੇ। ਇਸ ਮੌਕੇ ਮੁਲਾਜ਼ਮ ਆਗੂ ਦਰਸ਼ਨ ਸਿੰਘ ਲੁਬਾਣਾ, ਹਰਦੀਪ ਟੋਡਰਪੁਰ, ਨਾਥ ਸਿੰਘ, ਗੁਲਜ਼ਾਰ ਖਾਨ, ਚਮਕੌਰ ਸਿੰਘ ਤੇ ਰਾਮ ਚੰਦ ਬਖਸ਼ੀਵਾਲਾ ਨੇ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਵੀ ਸਾਂਝੇ ਫਰੰਟ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਲੜਿਆ ਜਾ ਰਿਹਾ ਸੀ, ਜਿਸ ਦੌਰਾਨ ‘ਆਪ’ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿੱਤਾ ਸੀ ਕਿ ਸਰਕਾਰ ਬਣਨ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ।
ਇਸ ਸਬੰਧੀ 9 ਜੂਨ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਇਨ੍ਹਾਂ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਢਾਈ ਮਹੀਨੇ ਬੀਤਣ ਦੇ ਬਾਵਜੂਦ ਸ੍ਰੀ ਚੀਮਾ ਵੱਲੋਂ ਸਾਂਝਾ ਫਰੰਟ ਨਾਲ ਕੋਈ ਮੀਟਿੰਗ ਦਾ ਸਮਾਂ ਤੈਅ ਨਹੀਂ ਕੀਤਾ ਗਿਆ ਤੇ ਨਾ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਨਿਪਟਾਰਾ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਮੰਗ ਪੱਤਰ ਵਿੱਚ ਦਰਜ ਕਿਸੇ ਮੰਗ ਦਾ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਉਨ੍ਹਾਂ ਨੂੰ ਸੂਬਾਈ ਮੁਲਾਜ਼ਮ ਜਥੇਬੰਦੀ ਦੇ ਸੱਦੇ ’ਤੇ ਅੱਜ ਮਜਬੂਰ ਹੋ ਕੇ ਇਹ ਰੋਸ/ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅੱਜ ਦੇ ਰੋਸ ਪੱਤਰ ਮਗਰੋਂ ਜੇਕਰ ਸਰਕਾਰ ਨੇ ਮਸਲੇ ਦਾ ਹੱਲ ਨਾ ਕੀਤਾ ਤਾਂ ਉਹ 10 ਸਤੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਨਿਵਾਸ ਅੱਗੇ ਇੱਕ ਵਿਸ਼ਾਲ ਰੈਲੀ ਕਰਨਗੇ।