ਸਰਬਜੀਤ ਸਿੰਘ ਭੰਗੂ
ਪਟਿਆਲਾ, 13 ਦਸੰਬਰ
ਬੇਰੁਜ਼ਗਾਰ ਅਤੇ ਕੱਚੇ ਅਧਿਆਪਕਾਂ ਉੱਪਰ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਤਸ਼ੱਦਦ ਕਰਨ ਦੇ ਦੋਸ਼ ਲਾਉਂਦਿਆਂ ਸਾਂਝੇ ਅਧਿਆਪਕ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਇਸ ਖੇਤਰ ਦੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਪਟਿਆਲਾ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪੁਤਲਾ ਫੂਕ ਕੇ ਰੋਸ ਜ਼ਾਹਰ ਕੀਤਾ। ਉਨ੍ਹਾਂ ਮਾਨਸਾ ਵਿਚ ਬੇਰੁਜ਼ਗਾਰਾਂ ਉੱਪਰ ਹੋਏ ਪੁਲਸੀਆ ਤਸ਼ੱਦਦ ਨੂੰ ਜਮਹੂਰੀ ਹੱਕਾਂ ਦਾ ਘਾਣ ਕਰਨ ਵਾਲੀ ਸ਼ਰਮਨਾਕ ਘਟਨਾ ਕਰਾਰ ਦਿੱਤਾ। ਮੋਰਚੇ ਨੇ ਕੱਚੇ ਮੁਲਾਜ਼ਮ ਪੱਕੇ ਕਰਨ, ਬੇਰੁਜ਼ਗਾਰਾਂ ਨੂੰ ਪੱਕਾ ਸਰਕਾਰੀ ਰੁਜ਼ਗਾਰ ਦੇਣ, ਨਵੀਆਂ ਭਰਤੀਆਂ ਮੁਕੰਮਲ ਕਰਨ ਅਤੇ ਮਾਨਸਾ ਲਾਠੀਚਾਰਜ ਲਈ ਜ਼ਿੰਮੇਵਾਰ ਡੀ ਐੱਸ ਪੀ ਅਤੇ ਹੋਰਨਾਂ ਅਧਿਕਾਰੀਆਂ ਨੂੰ ਫੌਰੀ ਬਰਖਾਸਤ ਕਰਨ ਦੀ ਮੰਗ ਵੀ ਕੀਤੀ।
ਸੰਗਰੂਰ (ਗੁਰਦੀਪ ਸਿੰਘ ਲਾਲੀ): ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ਦੌਰਾਨ ਮਾਨਸਾ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰੈਲੀ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਉਪਰ ਜ਼ਾਲਮਾਨਾ ਢੰਗ ਨਾਲ ਲਾਠੀਚਾਰਜ ਕਰਨ ਵਾਲੇ ਡੀਐਸਪੀ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਹੋ ਰਹੀ ਹੈ ਅਤੇ ਕਿਸਾਨਾਂ ਵਲੋਂ ਡੀਐਸਪੀ ਗੁਰਮੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਗਈ। ਸਥਾਨਕ ਰੇਲਵੇ ਸਟੇਸ਼ਨ ਨੇੜੇ ਸਾਂਝੇ ਰੋਸ ਧਰਨੇ ਦੌਰਾਨ ਕਿਸਾਨ ਆਗੂਆਂ ਸੁਖਦੇਵ ਸਿੰਘ, ਰੋਹੀ ਸਿੰਘ ਮੰਗਵਾਲ, ਇੰਦਰਪਾਲ ਪੁੰਨਾਂਵਾਲ, ਸਰਬਜੀਤ ਵੜੈਚ ਨੇ ਕਿਹਾ ਕਿ ਹੱਕ ਮੰਗਦੇ ਬੇਰੁਜ਼ਗਾਰਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਇਆ ਨਹੀਂ ਜਾ ਸਕਦਾ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਸਾਂਝੇ ਅਧਿਆਪਕ ਮੋਰਚੇ ਦੇ ਸੱਦੇ ਉੱਤੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ ਅਤੇ ਸਿੱਖਿਆ ਵਿਭਾਗ ਵਿਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਕਰਕੇ ਨਿਯੁਕਤੀ ਪੱਤਰ ਜਾਰੀ ਕਰਨ ਤੋਂ ਇਲਾਵਾ ਮੁੱਖ ਮੰਤਰੀ ਦੀ ਮਾਨਸਾ ਫੇਰੀ ਦੌਰਾਨ ਬੇਰੁਜ਼ਗਾਰਾਂ ਉੱਪਰ ਅੰਨ੍ਹਾ ਤਸ਼ੱਦਦ ਕਰਨ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਫੌਰੀ ਬਰਖਾਸਤ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।
ਸਮਾਣਾ (ਅਸ਼ਵਨੀ ਗਰਗ): ਸਾਂਝਾ ਅਧਿਆਪਕ ਮੋਰਚਾ ਸਮਾਣਾ ਇਕਾਈ ਵੱਲੋਂ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਸਾਂਝਾ ਅਧਿਆਪਕ ਮੋਰਚਾ ਦੇ ਆਗੂ ਹਰਦੀਪ ਟੋਡਰਪੁਰ, ਜਸਵਿੰਦਰ ਸਿੰਘ ਸਮਾਣਾ, ਕੰਵਲ ਨੈਣ, ਰਾਜਿੰਦਰ ਸਮਾਣਾ, ਹਰਵਿੰਦਰ ਬੇਲੂਮਾਜਰਾ ਨੇ ਸੰਬੋਧਨ ਕੀਤਾ।
ਲਹਿਰਾਗਾਗਾ (ਪੱਤਰ ਪ੍ਰੇਰਕ): ਐੱਸ ਡੀ ਐਮ ਦਫਤਰ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪੁਤਲਾ ਫੂਕ ਕੇ ਸਖ਼ਤ ਰੋਸ ਜ਼ਾਹਰ ਕੀਤਾ ਗਿਆ ਅਤੇ ਮਾਨਸਾ ਵਿਖੇ ਬੇਰੁਜ਼ਗਾਰਾਂ ਉੱਪਰ ਹੋਏ ਪੁਲਸੀਆ ਤਸ਼ੱਦਦ ਨੂੰ ਜਮਹੂਰੀ ਹੱਕਾਂ ਦਾ ਘਾਣ ਕਰਨ ਵਾਲੀ ਸ਼ਰਮਨਾਕ ਘਟਨਾ ਕਰਾਰ ਦਿੱਤਾ ਗਿਆ। ਮੋਰਚੇ ਨੇ ਕੱਚੇ ਮੁਲਾਜ਼ਮ ਪੱਕੇ ਕਰਨ, ਬੇਰੁਜ਼ਗਾਰਾਂ ਨੂੰ ਪੱਕਾ ਸਰਕਾਰੀ ਰੁਜ਼ਗਾਰ ਦੇਣ, ਨਵੀਆਂ ਭਰਤੀਆਂ ਮੁਕੰਮਲ ਕਰਨ ਅਤੇ ਮਾਨਸਾ ਲਾਠੀਚਾਰਜ਼ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਫੌਰੀ ਬਰਖਾਸਤ ਕਰਨ ਦੀ ਮੰਗ ਵੀ ਕੀਤੀ।
ਠੇਕਾ ਮੁਲਾਜ਼ਮਾਂ ਨੇ ਡੀ.ਐੱਸ.ਪੀਜ਼ ਦੀਆਂ ਅਰਥੀਆਂ ਫੂਕੀਆਂ
ਦੇਵੀਗੜ੍ਹ (ਪੱਤਰ ਪ੍ਰੇਰਕ): ਜਲ ਸਪਲਾਈ ਠੇਕਾ ਅਧਾਰਿਤ ਮੁਲਾਜ਼ਮਾਂ ਬ੍ਰਾਂਚ ਭੁਨਰਹੇੜੀ ਦੀ ਮੀਟਿੰਗ ਨਹਿਰੀ ਅਰਾਮ ਘਰ ਵਿਖੇ ਹੋਈ। ਮੀਟਿੰਗ ਉਪਰੰਤ ਮੁੱਖ ਮੰਤਰੀ ਦੀ ਸਕਿਉਰਿਟੀ ਦੇ ਡੀ.ਐਸ.ਪੀ. ਗੁਰਮੀਤ ਸਿੰਘ ਅਤੇ ਰਾਮਿੰਦਰ ਸਿੰਘ ਕਾਹਲੋਂ ਵਲੋਂ ਢਾਹੇ ਤਸ਼ੱਦਦ ਖਿਲਾਫ ਅੱਜ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਅਤੇ ਪੁਲੀਸ ਅਫਸਰਾਂ ਦੇ ਤਾਨਾਸ਼ਾਹੀ ਰਵੱਈਏ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਸਰਕਲ ਪ੍ਰਧਾਨ ਗੁਰਚਰਨ ਸਿੰਘ ਖਾਕਟਾਂ ਕਲਾਂ ਨੇ ਚਿਤਾਵਨੀ ਦਿੱਤੀ ਕਿ ਭਵਿੱਖ ਵਿੱਚ ਕਾਂਗਰਸ ਹਕੂਮਤ ਦਾ ਕੋਈ ਵੀ ਵਿਧਾਇਕ, ਐਮ.ਪੀ. ਜਾ ਮੰਤਰੀ ਪਿੰਡਾਂ ’ਚ ਆਉਂਦੇ ਹਨ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਗੁਰਮੀਤ ਸਿੰਘ ਮਾੜੂ, ਨਰਿੰਦਰ ਸਿੰਘ, ਮੱਘਰ ਸਿੰਘ, ਸੁਖਦੀਪ ਸਿੰਘ ਖੇੜਕੀ, ਸੁੱਚਾ ਸਿੰਘ, ਕਰਮਜੀਤ ਸਿੰਘ, ਬਲਜਿੰਦਰ ਸਿੰਘ, ਰਮੇਸ਼ ਮੌਜੂਦ ਸਨ।