ਸੁਭਾਸ਼ ਚੰਦਰ
ਸਮਾਣਾ, 3 ਨਵੰਬਰ
ਕਿਰਤੀ ਕਿਸਾਨ ਯੂਨੀਅਨ ਵੱਲੋਂ 1984 ਦੇ ਸਿੱਖ ਕਤਲੇਆਮ ਵਿਰੁੱਧ ਦਿੱਤੇ ਸੂਬਾ ਪੱਧਰੀ ਸੱਦੇ ਤਹਿਤ ਪਿੰਡ ਫਤਿਹਪੁਰ (ਬਲਾਕ ਸਮਾਣਾ) ਵਿੱਚ ਰੋਸ ਮਾਰਚ ਕਰ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਪਿੰਡ ਫਤਿਹਪੁਰ ਦੇ ਗੁਰੂ ਘਰ ਵਿਖੇ ਵੱਖ ਵੱਖ ਪਿੰਡਾਂ ਵਿੱਚੋਂ ਕਿਸਾਨ ਇਕੱਠੇ ਹੋਏ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਬਲਾਕ ਸਮਾਣਾ ਦੇ ਪ੍ਰਧਾਨ ਸ਼ੇਰ ਸਿੰਘ ਕਾਕੜਾ, ਜ਼ਿਲ੍ਹਾ ਮੀਤ ਪ੍ਰਧਾਨ ਜਸਵੀਰ ਸਿੰਘ ਫਤਿਹਪੁਰ, ਜ਼ਿਲ੍ਹਾ ਵਿੱਤ ਸਕੱਤਰ ਕੁਲਬੀਰ ਟੋਡਰਪੁਰ ਅਤੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਗਿੱਲ ਕਾਕੜਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ 40 ਸਾਲ ਬੀਤਣ ਦੇ ਬਾਵਜੂਦ ਵੀ ਅਜੇ ਤੱਕ ਪੀੜਤਾਂ ਨੂੰ ਇਨਸਾਫ ਨਹੀਂ ਮਿਲਿਆ। ਆਗੂਆਂ ਨੇ ਕਿਹਾ ਕਿ ਬੇਸ਼ੱਕ ਉਸ ਸਮੇਂ ਕਾਂਗਰਸ ਸਰਕਾਰ ਮੁੱਖ ਰੂਪ ਵਿੱਚ ਜ਼ਿੰਮੇਵਾਰ ਸੀ ਪਰ ਉਸ ਤੋਂ ਬਾਅਦ ਵੀ ਇੱਥੋਂ ਦੀਆਂ ਅਦਾਲਤਾਂ ਅਤੇ ਵੱਖ ਵੱਖ ਸਮੇਂ ਸੱਤਾ ਵਿੱਚ ਰਹੀਆਂ ਸਰਕਾਰਾਂ ਵੀਂ ਪੀੜਤਾਂ ਨੂੰ ਇਨਸਾਫ ਦਿਵਾਉਣ ਵਿੱਚ ਅਸਫਲ ਰਹੀਆਂ ਹਨ। ਇਸ ਮੌਕੇ ਵੀ ਸੱਤਾ ’ਤੇ ਕਾਬਜ਼ ਕੇਂਦਰ ਸਰਕਾਰ ਵੀ ਲਗਾਤਾਰ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਆਗੂਆਂ ਨੇ ਕਿਹਾ ਕਿ ਘੱਟ ਗਿਣਤੀਆਂ ਅਤੇ ਵੱਖਰੇ ਵਿਚਾਰ ਰੱਖਣ ਵਾਲਿਆਂ ’ਤੇ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਲੋਕ ਲਹਿਰ ਖੜ੍ਹੀ ਕਰਨ ਦੀ ਲੋੜ ਹੈ। ਇਸ ਤੋਂ ਬਾਅਦ ਪਿੰਡ ਵਿੱਚ ਮੇਨ ਰੋਡ ਸਥਿਤ ਬਸ ਸਟੈਂਡ ਨੇੜੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਬਲਾਕ ਸਮਾਣਾ ਦੇ ਖਜ਼ਾਨਚੀ ਗੁਰਚਰਨ ਸਿੰਘ ਕਾਕੜਾ, ਮੋਹਰ ਸਿੰਘ ਤੇ ਨਵਦੀਪ ਸਿੰਘ ਟੋਡਰਪੁਰ ਆਦਿ ਹਾਜ਼ਰ ਸਨ।