ਸਰਬਜੀਤ ਸਿੰਘ ਭੰਗੂ
ਪਟਿਆਲਾ, 31 ਅਕਤੂਬਰ
ਸ਼ਹਿਰ ਵਿੱਚ ਡੇਂਗੂ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਐਤਵਾਰ ਸ਼ਾਮ ਤੱਕ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 300 ਦਾ ਅੰਕੜਾ ਪਾਰ ਕਰ ਚੁੱਕੀ ਸੀ। ਦਿਲਚਸਪ ਗੱਲ ਇਹ ਹੈ ਕਿ ਡੇਂਗੂ ਦੇ ਸਭ ਤੋਂ ਵੱਧ ਮਰੀਜ਼ ਸ਼ਹਿਰੀ ਖੇਤਰਾਂ ਦੇ ਹਨ, ਜੋ ਕੁੱਲ ਮਰੀਜ਼ਾਂ ਦਾ ਲਗਭਗ 35 ਪ੍ਰਤੀਸ਼ਤ ਹਨ। ਸਥਿਤੀ ’ਤੇ ਸਮੇਂ ਸਿਰ ਕਾਬੂ ਪਾਉਣ ਅਤੇ ਲੋੜੀਂਦੇ ਕਦਮ ਚੁੱਕਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਉੱਪਲ ਸਮੇਤ ਸਿਹਤ ਵਿਭਾਗ ਅਤੇ ਨਿਗਮ ਦੀ ਟੀਮ ਨੇ ਸ਼ਹਿਰ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ- ਮਥੁਰਾ ਕਲੋਨੀ, ਦਾਰੂ ਕੁਟੀਆ, ਜੁਝਾਰ ਨਗਰ, ਭਾਰਤ ਨਗਰ ਅਤੇ ਸੰਜੇ ਕਲੋਨੀ ਦਾ ਦੌਰਾ ਕੀਤਾ।
ਇਸ ਦੌਰਾਨ ਉਨ੍ਹਾਂ ਡੇਂਗੂ ਤੋਂ ਬਚਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਕਾਰਪੋਰੇਸ਼ਨ ਦੀ ਟੀਮ ਨੂੰ ਪ੍ਰਭਾਵਿਤ ਖੇਤਰ ਵਿੱਚ ਫੌਗਿੰਗ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਹਰੇਕ ਸੈਨੇਟਰੀ ਇੰਸਪੈਕਟਰ ਨੂੰ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਜਾਗਰੂਕਤਾ ਫੈਲਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ।
ਇਸ ਦੌਰਾਨ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੇ ਘਰਾਂ ਦੀ ਵੀ ਚੈਕਿੰਗ ਕੀਤੀ ਗਈ ਤਾਂ ਕਈ ਘਰਾਂ ਦੀਆਂ ਛੱਤਾਂ ’ਤੇ ਰੱਖੇ ਸਾਮਾਨ ਵਿੱਚ ਜਮ੍ਹਾਂ ਹੋਏ ਪਾਣੀ ਵਿੱਚ ਵੱਡੀ ਮਾਤਰਾ ਵਿੱਚ ਡੇਂਗੂ ਦਾ ਲਾਰਵਾ ਮਿਲਿਆ।
ਇਸ ਤੋਂ ਇਲਾਵਾ ਕਈ ਘਰਾਂ ਵਿੱਚ ਪੰਛੀਆਂ ਲਈ ਰੱਖੇ ਭਾਂਡਿਆਂ ਵਿੱਚੋਂ ਹੀ ਲਾਰਵਾ ਬਰਾਮਦ ਹੋਇਆ। ਦੋ ਘਰਾਂ ਵਿੱਚ ਫਰਿੱਜ ਦੇ ਹੇਠਲੇ ਪਾਸੇ ਟਰੇਆਂ ਵਿੱਚੋਂ ਵੀ ਲਾਰਵਾ ਬਰਾਮਦ ਹੋਇਆ। ਨਿਗਮ ਕਮਿਸ਼ਨਰ ਆਦਿੱਤਿਆ ਉੱਪਲ ਨੇ ਸ਼ਹਿਰ ਦੇ ਸਲੱਮ ਖੇਤਰਾਂ ਦਾ ਦੌਰਾ ਕਰਨ ਉਪਰੰਤ ਨਿਗਮ ਦੇ ਸਮੂਹ ਸੈਨੇਟਰੀ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਰੁਟੀਨ ਦੇ ਕੰਮ ਨੂੰ ਸਮੇਂ ਸਿਰ ਪੂਰਾ ਕਰਦੇ ਹੋਏ ਡੇਂਗੂ ਸਬੰਧੀ ਜਾਗਰੂਕਤਾ ਵੱਲ ਗੰਭੀਰਤਾ ਨਾਲ ਧਿਆਨ ਦੇਣ।
ਉਨ੍ਹਾਂ ਸ਼ਹਿਰ ਦੇ ਸਲੱਮ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਵਿੱਚ ਸੁਧਾਰ ਕਰਦੇ ਹੋਏ ਡੇਂਗੂ ਦੀ ਰੋਕਥਾਮ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ। ਦੂਜੇ ਪਾਸੇ ਡੀਸੀ ਸਾਕਸ਼ੀ ਸਾਹਨੀ ਨੇ ਵੀ ਜਾਗਰੂਕਤਾ ਰਾਹੀਂ ਡੇਂਗੂ ’ਤੇ ਕਾਬੂ ਪਾਉਣ ਦੀ ਗੱਲ ਕਰਦਿਆਂ ਭਰੋਸਾ ਦਿੱਤਾ ਕਿ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਖੁਦ ਜ਼ਿੰਮੇਵਾਰੀ ਨਿਭਾਉਣੀ ਪਵੇਗੀ ਕਿ ਉਹ ਆਪਣੇ ਘਰਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕਿਤੇ ਵੀ ਸਾਫ਼ ਪਾਣੀ ਖੜ੍ਹਾ ਨਾ ਹੋਣ ਦੇਣ। ਡੇਂਗੂ ਦਾ ਲਾਰਵਾ ਹਮੇਸ਼ਾ ਸਾਫ਼ ਪਾਣੀ ਵਿੱਚ ਹੀ ਪ੍ਰਫੁੱਲਤ ਹੋ ਸਕਦਾ ਹੈ ਅਤੇ ਇਸ ਲਈ ਸ਼ਹਿਰ ਵਾਸੀਆਂ ਨੂੰ ਖੁਦ ਜਾਗਰੂਕ ਹੋ ਕੇ ਇਸ ਤੋਂ ਬਚਣਾ ਚਾਹੀਦਾ ਹੈ। ਸਲੱਮ ਖੇਤਰਾਂ ਦੇ ਦੌਰੇ ਦੌਰਾਨ ਚੀਫ਼ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ, ਸੈਨੇਟਰੀ ਇੰਸਪੈਕਟਰ ਕੁਲਦੀਪ ਸਿੰਘ, ਰਿਸ਼ਭ ਗੁਪਤਾ, ਇੰਦਰਜੀਤ ਸਿੰਘ, ਰਾਜੇਸ਼ ਮੱਟੂ ਅਤੇ ਸਿਹਤ ਵਿਭਾਗ ਦੀ ਟੀਮ ਮੁੱਖ ਤੌਰ ’ਤੇ ਹਾਜ਼ਰ ਸੀ।