ਪੱਤਰ ਪ੍ਰੇਰਕ
ਪਾਤੜਾਂ, 6 ਜੂਨ
ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹੋਏ ਫੌਜੀ ਹਮਲੇ ਦੀ ਵਰ੍ਹੇਗੰਢ ਨੂੰ ਕਾਲੇ ਦਿਵਸ ਵਜੋਂ ਮਨਾਉਣ ਦੇ ਸੱਦੇ ਤਹਿਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਪਾਤੜਾਂ ਵੱਲੋਂ ਐੱਸਡੀਐੱਮ ਦਫ਼ਤਰ ਵਿੱਚ ਰੋਸ ਮੁਜ਼ਾਹਰਾ ਕਰਕੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ।
ਜਥੇਬੰਦੀ ਦੇ ਬਲਾਕ ਪ੍ਰਧਾਨ ਹਰਭਜਨ ਸਿੰਘ ਧੂਹੜ ਦੀ ਅਗਵਾਈ ਵਿੱਚ ਕੀਤੇ ਗਏ ਪ੍ਰਦਰਸ਼ਨ ਦੌਰਾਨ ਕਿਸਾਨ ਜਥੇਬੰਦੀ ਦੇ ਵਰਕਰਾਂ ਨੇ ਬੰਦੀ ਸਿੱਖਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਉੱਤੇ ਕੀਤਾ ਗਿਆ ਹਮਲਾ ਸਮੇਂ ਦੀ ਸਰਕਾਰ ਦੀ ਬੱਜਰ ਗਲਤੀ ਸੀ। ਤਿੰਨ ਦਹਾਕੇ ਤੋਂ ਵੱਧ ਦਾ ਸਮਾਂ ਬੀਤ ਜਾਣ ‘ਤੇ ਵੀ ਹਾਕਮਾਂ ਨੇ ਗ਼ਲਤੀ ਉੱਤੇ ਦੁੱਖ ਦਾ ਪ੍ਰਗਟਾਵਾ ਨਹੀਂ ਕੀਤਾ। ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਮਗਰੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਵੱਡੀ ਗਿਣਤੀ ਵਿੱਚ ਸਿੱਖਾਂ ਨੂੰ ਕਤਲ ਕੀਤਾ ਗਿਆ ਪਰ ਕਤਲ ਕਰਨ ਵਾਲੀ ਭੀੜ ਨੂੰ ਉਕਸਾਉਣ ਵਾਲੇ ਕਿਸੇ ਵੀ ਦੋਸ਼ੀ ਨੂੰ ਹਾਲੇ ਤਕ ਸਜ਼ਾ ਨਹੀਂ ਦਿੱਤੀ ਗਈ। ਇਸ ਮੌਕੇ ਸੁਖਦੇਵ ਸਿੰਘ ਹਰਿਆਊ, ਸਾਹਿਬ ਸਿੰਘ ਦੁਤਾਲ, ਸੂਬੇਦਾਰ ਨਰਾਤਾ ਸਿੰਘ, ਜਰਨੈਲ ਸਿੰਘ, ਸੁਬੇਗ ਸਿੰਘ ਸੁਤਰਾਣਾ, ਜਲੰਧਰ ਸਿੰਘ ਸ਼ੁਤਰਾਣਾ, ਕੁਲਵੰਤ ਸਿੰਘ ਸੇਰਗੜ, ਵਰਿਆਮ ਸਿੰਘ ਸਾਗਰਾ, ਫਤਿਹ ਸਿੰਘ ਤੇ ਜਾਨਪਾਲ ਸਿੰਘ ਆਦਿ ਹਾਜ਼ਰ ਸਨ।