ਖੇਤਰੀ ਪ੍ਰਤੀਨਿਧ
ਪਟਿਆਲਾ, 29 ਜੁਲਾਈ
ਇੱਥੇ ਥਾਪਰ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿੱਚ ‘ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ’ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਨ ਯੋਜਨਾ ਲਾਗੂ ਕਰਨ ਸਬੰਧੀ ਕਰਵਾਈ ਗਈ ਸਾਲਾਨਾ ਕਾਨਫਰੰਸ ’ਚ ਮੁੱਖ ਮਹਿਮਾਨ ਵਜੋਂ ਪੁੱਜੇ ‘ਕੌਮੀ ਗਰੀਨ ਟ੍ਰਿਬਿਊਨਲ’ ਦੇ ਚੇਅਰਮੈਨ ਜਸਟਿਸ ਆਦਰਸ਼ ਕੁਮਾਰ ਗੋਇਲ ਨੇ ਕਿਹਾ ਕਿ ਪਲੀਤ ਵਾਤਾਵਰਨ ਅਤੇ ਗੰਧਲੇ ਕੁਦਰਤੀ ਸਰੋਤ ਵੱਡੀ ਚੁਣੌਤੀ ਬਣ ਚੁੱਕੇ ਹਨ। ਇਸ ਨਾਲ ਨਜਿੱਠਣ ਲਈ ਜੰਗੀ ਪੱਧਰ ’ਤੇ ਕੰਮ ਹੋਣਾ ਚਾਹੀਦਾ ਹੈ। ਜਸਟਿਸ ਗੋਇਲ ਨੇ ਕਿਹਾ ਕਿ ਵਾਤਾਵਰਨ ਸੰਭਾਲ ਦਾ ਕੰਮ ਕੋਈ ਵੀ ਇਕੱਲੀ ਧਿਰ ਨਹੀਂ ਕਰ ਸਕਦੀ। ਇਸ ਲਈ ਸਰਕਾਰਾਂ, ਸਮਾਜ ਸੇਵੀਆਂ ਅਤੇ ਆਮ ਨਾਗਰਿਕਾਂ ਨੂੰ ਸਾਂਝੇ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਚੰਗੇ ਜੀਵਨ ਲਈ ਸਾਫ ਵਾਤਾਵਰਨ ਮੁਹੱਈਆ ਕਰਵਾਉਣਾ ਅਤੇ ਪਹਾੜ ਬਣ ਚੁੱਕੇ ਕੂੜੇ ਦੇ ਢੇਰਾਂ ਦਾ ਨਬੇੜਾ ਕਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ‘ਆਪ’ ਸਰਕਾਰ ਪੂਰੀ ਗੰਭੀਰਤਾ ਨਾਲ ਐੱਨਜੀਟੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਵਾਤਾਵਰਨ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਵਚਨਬੱਧ ਹੈ।
ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਸੰਸਦ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਵਾਤਾਵਰਨ ਸੰਭਾਲਣ ਦਾ ਹੋਕਾ ਸਾਡੇ ਗੁਰੂ ਸਾਹਿਬਾਨ ਨੇ ਵੀ ਦਿੱਤਾ ਸੀ। ਇਸ ਲਈ ਸਭ ਦਾ ਸਾਂਝਾ ਫ਼ਰਜ਼ ਹੈ ਕਿ ਪਾਣੀ ਦੀ ਦੁਰਵਰਤੋਂ ਨਾ ਕਰਦਿਆਂ, ਹਵਾ ਅਤੇ ਧਰਤੀ ਨੂੰ ਵੀ ਪਲੀਤ ਹੋਣ ਤੋਂ ਰੋਕੀਏ। ਸਾਇੰਸ, ਟੈਕਨਾਲੋਜੀ ਤੇ ਵਾਤਾਵਰਨ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਕਿਹਾ ਕਿ ਐੱਨਜੀਟੀ ਦੇ ਨਿਰਦੇਸ਼ਾਂ ਮੁਤਾਬਕ ਅਤੇ ਸਟੀਅਰਿੰਗ ਕਮੇਟੀ ਦੀ ਦੇਖ-ਰੇਖ ਹੇਠ ਸਾਰੇ ਜ਼ਿਲ੍ਹਿਆਂ ’ਚ ਜ਼ਿਲ੍ਹਾ ਵਾਤਾਵਰਨ ਪਲਾਨ ਸਖ਼ਤੀ ਨਾਲ ਲਾਗੂ ਕੀਤੇ ਜਾਣਗੇ। ਇਸ ਮੌਕੇ ਭਾਸ਼ਨ ਮੁਕਾਬਲੇ ’ਚ ਜਿੱਤੇ ਵਿਦਿਆਰਥੀਆਂ ਹੇਮੰਤ ਸਾਂਖਲਾ, ਅਲੋਕ ਰੰਜਨ ਸਿੰਘ ਤੇ ਅਕਾਂਸ਼ਾ ਦਾ ਸਨਮਾਨ ਕੀਤਾ ਗਿਆ।
ਇਸ ਦੌਰਾਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਆਦਰਸ਼ਪਾਲ ਵਿੱਗ, ਐੱਨਜੀਟੀ ਸਟੀਅਰਿੰਗ ਕਮੇਟੀ ਦੇ ਚੇਅਰਮੈਨ ਜਸਟਿਸ ਜਸਬੀਰ ਸਿੰਘ, ਜਸਟਿਸ ਪ੍ਰੀਤਮ ਪਾਲ, ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।