ਸਰਬਜੀਤ ਸਿੰਘ ਭੰਗੂ/ਮੁਖ਼ਤਿਆਰ ਸਿੰਘ ਨੌਗਾਵਾਂ
ਪਟਿਆਲਾ/ਦੇਵੀਗੜ੍ਹ, 9 ਜੁਲਾਈ
ਪਟਿਆਲਾ ਦੇ ਨਵੇਂ ਆਏ ਡਿਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਵੱਲੋਂ ਅੱਜ ਜ਼ਿਲ੍ਹੇ ਵਿੱਚੋਂ ਲੰਘਦੇ ਘੱਗਰ ਦਰਿਆ ਦਾ ਦੌਰਾ ਕਰ ਕੇ ਹੜ੍ਹ ਰੋਕੂ ਕੰਮਾਂ ਦਾ ਨਿਰੀਖਣ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਨੇ ਸਨੌਰ ਨੇੜੇ ਸਥਿਤ ਪਟਿਆਲਾ ਤਹਿਸੀਲ ਦੇ ਪਿੰਡ ਪੁਰ ਵਿੱਚ ਘੱਗਰ ਦਰਿਆ ਉੱਤੇ ਬਣੇ ਪੁਲ ਹੇਠਾਂ ਜਲ ਨਿਕਾਸ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਘੱਗਰ ਦਰਿਆ ਉੱਤੇ ਬਣੇ ਪਿੰਡ ਮਾੜੂ ਦੇ ਪੁਲ ਸਮੇਤ ਹਡਾਨਾ ਦੇ ਪੁਲਾਂ ਹੇਠਾਂ ਜਲ ਨਿਕਾਸ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਵੀ ਲਿਆ। ਕਮਿਸ਼ਨਰ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ ਪੁਰ ਦੇ ਪੁਲ ’ਤੇ ਜਾਰੀ ਕੰਮਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਾਗਰਿਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਵਚਨਬੱਧ ਹੈ। ਡਿਵੀਜ਼ਨਲ ਕਮਿਸ਼ਨਰ ਨੂੰ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਕੰਮਾਂ ਤੋਂ ਜਾਣੂ ਕਰਵਾਉਂਦਿਆਂ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਖ਼ਤਰੇ ਵਾਲੀ ਸਥਿਤੀ ਨਾਲ ਨਿਪਟਣ ਲਈ ਤਿਆਰੀਆਂ ਜ਼ੋਰਾਂ ’ਤੇ ਹਨ ਅਤੇ ਹੜ੍ਹਾਂ ਦੀ ਰੋਕਥਾਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨਾਲ ਐੱਸਡੀਐੱਮ ਚਰਨਜੀਤ ਸਿੰਘ ਸਮੇਤ ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਰਮਨਦੀਪ ਸਿੰਘ ਬੈਂਸ ਤੇ ਐੱਸਡੀਓ ਨਿਰਮਲ ਸਿੰਘ ਵੀ ਹਾਜ਼ਰ ਸਨ।