ਖੇਤਰੀ ਪ੍ਰਤੀਨਿਧ
ਪਟਿਆਲਾ, 13 ਜੂਨ
ਹੁਣ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਕਿਸੇ ਵੀ ਪਿੰਡ ਦੀ ਫ਼ਰਦ ਜ਼ਿਲ੍ਹੇ ਦੇ ਕਿਸੇ ਵੀ ਫ਼ਰਦ ਕੇਂਦਰ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਦੂਜੇ ਜ਼ਿਲ੍ਹਿਆਂ ਦੇ ਪਿੰਡਾਂ ਦੀ ਫ਼ਰਦ ਵੀ ਜ਼ਿਲ੍ਹਾ ਪਟਿਆਲਾ ਦੇ ਫ਼ਰਦ ਕੇਂਦਰਾਂ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਜ਼ਿਲ੍ਹਾ ਪਟਿਆਲਾ ਅਧੀਨ ਪੈਂਦੇ ਕਿਸੇ ਵੀ ਪਿੰਡ ਦੀ ਫ਼ਰਦ ਦੂਜਿਆਂ ਜ਼ਿਲ੍ਹਿਆਂ ਵਿੱਚ ਸਥਾਪਿਤ ਫ਼ਰਦ ਕੇਂਦਰ ਤੋਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮਾਲ ਰਿਕਾਰਡ ਦੇ ਕੰਪਿਊਟਰੀਕਰਨ ਦੇ ਮਕਸਦ ਨਾਲ ਬਣਾਈ ਗਈ ਪੰਜਾਬ ਲੈਂਡ ਰਿਕਾਰਡਜ਼ ਸੁਸਾਇਟੀ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਮਾਲ ਰਿਕਾਰਡ ਦੇ ਕੰਪਿਊਟਰੀਕਰਨ ਦੇ ਕੰਮ ਨੂੰ ਸਫਲਤਾ ਪੂਰਵਕ ਮੁਕੰਮਲ ਕੀਤਾ ਜਾ ਚੁੱਕਾ ਹੈ ਜਿਸ ਸਦਕਾ ਜ਼ਿਲ੍ਹਾ ਪਟਿਆਲਾ ਅਧੀਨ ਪੈਂਦੇ ਕੁਲ 934 ਪਿੰਡਾਂ ਦੇ ਮਾਲ ਰਿਕਾਰਡ ਦੀਆਂ ਫ਼ਰਦਾਂ ਸਬੰਧਤ ਤਹਿਸੀਲ/ਸਬ ਤਹਿਸੀਲ ਪੱਧਰ ’ਤੇ ਸਥਾਪਿਤ 8 ਫ਼ਰਦ ਕੇਂਦਰਾਂ ਤੋਂ ਮੌਕੇ ’ਤੇ ਹੀ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਪ੍ਰਾਰਥੀ ਦੀ ਆਨਲਾਈਨ ਮੰਗ ਅਨੁਸਾਰ ਸਬੰਧਤ ਮਾਲ ਰਿਕਾਰਡ ਦੀਆਂ ਫ਼ਰਦਾਂ ਡਾਕ/ਈ-ਮੇਲ ਰਾਹੀਂ ਵੀ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਹੁਣ ਮਾਲ ਵਿਭਾਗ ਦੇ ਕੰਮਾਂ ਵਿਚ ਹੋਰ ਪਾਰਦਰਸ਼ਤਾ ਲਿਆਉਣ ਲਈ ਭੌਂ ਮਾਲਕਾਂ ਨੂੰ ਇਹ ਸੁਵਿਧਾ ਵੀ ਪ੍ਰਦਾਨ ਕੀਤੀ ਗਈ ਹੈ ਕਿ ਜੇਕਰ ਕੋਈ ਭੌਂ ਮਾਲਕ ਆਪਣੀ ਜ਼ਮੀਨ ਦੇ ਰਿਕਾਰਡ ਨਾਲ ਆਪਣਾ ਮੋਬਾਈਲ ਨੰਬਰ ਜਾਂ ਈ-ਮੇਲ ਅਡਰੈਸ ਸ਼ਾਮਲ ਕਰਵਾਉਣਾ ਚਾਹੁੰਦੇ ਹਨ, ਤਾਂ ਉਹ ਇਸ ਸਬੰਧੀ ਦਰਖਾਸਤ ਸਬੰਧਤ ਫ਼ਰਦ ਕੇਂਦਰ ’ਤੇ ਦੇ ਕੇ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਇਸ ਸਹੂਲਤ ਦਾ ਲਾਭ ਵੀ ਪ੍ਰਾਪਤ ਕਰ ਸਕਦੇ ਹਨ।