ਗੁਰਨਾਮ ਸਿੰਘ ਚੌਹਾਨ
ਪਾਤੜਾਂ, 5 ਦਸੰਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਸੰਘਰਸ਼ ਦੌਰਾਨ ਪ੍ਰਸਤਾਵਿਤ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇਅ ਦੇ ਵਿਰੋਧ ਵਿੱਚ ਕਿਸਾਨਾਂ ਦਾ ਲਾਵਾ ਫੁੱਟਣਾ ਸ਼ੁਰੂ ਹੋ ਗਿਆ ਹੈ। ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਐਕਸਪ੍ਰੈੱਸਵੇਅ ਲਈ ਜ਼ਮੀਨ ਗ੍ਰਹਿਣ ਨਾ ਕੀਤੇ ਜਾਣ ਨੂੰ ਲੈ ਕੇ ਬਣੀ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਨ ਸਬੰਧੀ ਪੰਚਾਇਤਾਂ ਨਾਲ ਮੀਟਿੰਗ ਕਰਨ ਆਏ ਵਧੀਕ ਡਿਪਟੀ ਕਮਿਸ਼ਨਰ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਿਸਾਨਾਂ ਨੇ ਘਿਰਾਓ ਕੀਤਾ।
ਇਸ ਤੋਂ ਪਹਿਲਾਂ ਵੱਡੀ ਗਿਣਤੀ ਕਿਸਾਨਾਂ ਨੇ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੌਕ (ਸੰਗਰੂਰ ਰੋਡ ਕੈਂਚੀਆਂ) ਤੋਂ ਐੱਸਡੀਐੱਮ ਦਫ਼ਤਰ ਪਾਤੜਾਂ ਤੱਕ ਰੋਸ ਮਾਰਚ ਕੀਤਾ। ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸਬ- ਡਿਵੀਜ਼ਨਲ ਕੰਪਲੈਕਸ ਦਾ ਮੁੱਖ ਗੇਟ ਬੰਦ ਕਰ ਦਿੱਤਾ। ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਟਰੈਫਿਕ ਜਾਮ ਕਰਨ ਦੀ ਦਿੱਤੀ ਗਈ ਚਿਤਾਵਨੀ ਮਗਰੋਂ ਪ੍ਰਸ਼ਾਸਨ ਨੇ ਨਰਮ ਪੈਂਦਿਆਂ ਮੰਗ ਪੱਤਰ ਹਾਸਲ ਕਰ ਕੇ ਪੰਚਾਇਤਾਂ ਨਾਲ ਕੀਤੀ ਜਾਣ ਵਾਲੀ ਮੀਟਿੰਗ ਨੂੰ ਰੱਦ ਕਰ ਕੇ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਅੱਗੇ ਕੋਈ ਮੀਟਿੰਗ ਨਾ ਕਰਨ ਦਾ ਲਿਖਤੀ ਭਰੋਸਾ ਦਿੱਤਾ।
ਉਪਰੰਤ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ। ਐਕਸਪ੍ਰੈੱਸਵੇਅ ਦੇ ਨਿਰਮਾਣ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਨ ਮੋਨੀਟਰਿੰਗ ਸਬੰਧੀ ਏਡੀਸੀ ਪੂਜਾ ਸਿਆਲ ਅਤੇ ਐੱਸਡੀਐੱਮ ਡਾ. ਪਾਲਿਕਾ ਅਰੋੜਾ ਦੀ ਦੇਖਰੇਖ ਹੇਠ ਲੋਕਾਂ ਦਾ ਪੱਖ ਸੁਣਨ ਲਈ ਮੀਟਿੰਗ ਕੀਤੀ ਜਾਣੀ ਸੀ। ਇਸ ਦੌਰਾਨ ਦਿੱਲੀ ਕੱਟੜਾ ਐਕਸਪ੍ਰੈੱਸਵੇਅ ਸੰਘਰਸ਼ ਕਮੇਟੀ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਘਿਰਾਓ ਕੀਤਾ ਗਿਆ।
ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਗਲੋਲੀ ਤੇ ਸੰਗਰੂਰ ਦੇ ਪ੍ਰਧਾਨ ਹਰਮਨਜੀਤ ਸਿੰਘ ਡਿੱਕੀ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦਾ ਹੱਥ ਠੋਕਾ ਬਣੀ ਹੋਈ ਹੈ ਅਤੇ ਕਿਸਾਨਾਂ ਨੂੰ ਉਜਾੜਨ ਦੇ ਰਾਹ ਤੁਰੀ ਹੋਈ ਹੈ। ਐਕਸਪ੍ਰੈੱਸਵੇਅ ਵੀ ਇਸੇ ਕੜੀ ਦਾ ਇੱਕ ਹਿੱਸਾ ਹੈ। ਆਗੂਆਂ ਨੇ ਕਿਹਾ ਕਿ ਜਦੋਂ ਤਕ ਸਰਕਾਰ ਕਿਸਾਨ ਮਾਰੂ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਉਦੋਂ ਤੱਕ ਕਿਸਾਨ ਐਕਸਪ੍ਰੈੱਸਵੇਅ ਲਈ ਜ਼ਮੀਨ ਗ੍ਰਹਿਣ ਸਬੰਧੀ ਕਾਰਵਾਈ ਨੂੰ ਅੰਜਾਮ ਨਹੀਂ ਦੇਣ ਦਿੱਤਾ ਜਾਵੇਗਾ।