ਖੇਤਰੀ ਪ੍ਰਤੀਨਿਧ
ਪਟਿਆਲਾ, 10 ਨਵੰਬਰ
ਡੀਏਪੀ ਖਾਦ ਦੀ ਘਾਟ ਕਾਰਨ ਮਾਰਕਫੈੱਡ ਦੇ ਇਥੇ ਸਥਿਤ ਦਫਤਰ ਦੇ ਬਾਹਰ ਕਿਸਾਨ ਯੂਨੀਅਨ ਉਗਰਾਹਾਂ ਨੇ ਧਰਨਾ ਮਾਰਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੀ ਆਲੋਚਨਾ ਕੀਤੀ। ਇਸ ਧਰਨੇ ਦੀ ਅਗਵਾਈ ਕਰਦਿਆਂ ਯੂਨੀਅਨ ਆਗੂ ਕਰਨੈਲ ਸਿੰਘ ਲੰਗ ਅਤੇ ਜਸਵੰਤ ਸਿੰਘ ਸਦਰਪੁਰ ਦਾ ਕਹਿਣਾ ਸੀ ਕਿ ਕਣਕ ਦੀ ਬਿਜਾਈ ਲਈ ਸਭ ਤੋਂ ਜ਼ਰੂਰੀ ਚੀਜ਼ ਖਾਦ ਹੀ ਜੇਕਰ ਸਰਕਾਰ ਮੁਹੱਈਆ ਨਹੀਂ ਕਰਵਾ ਸਕਦੀ ਤਾਂ ਅੱਗੇ ਸਭ ਅੱਛਾ ਦੀ ਕੀ ਆਸ ਰੱਖੀ ਜਾ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਲੋੜ ਮੁਤਾਬਕ ਤੁਰੰਤ ਡੀਏਪੀ ਖਾਦ ਦੀ ਸਪਲਾਈ ਯਕੀਨੀ ਬਣਾਈ ਜਾਵੇ।
ਕਿਸਾਨ ਯੂਨੀਅਨ ਵੱਲੋਂ ਸੰਘਰਸ਼ ਵਿੱਢਣ ਦਾ ਐਲਾਨ
ਸੁਨਾਮ ਊਧਮ ਸਿੰਘ ਵਾਲਾ (ਪੱਤਰ ਪੇ੍ਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਡੀਏਪੀ ਖਾਦ ਦੀ ਆ ਰਹੀ ਕਮੀ ਨੂੰ ਪੰਜਾਬ ਸਰਕਾਰ ਨੇ ਪੂਰਾ ਨਾ ਕੀਤਾ ਤਾਂ ਜਥੇਬੰਦੀ ਸੰਘਰਸ਼ ਵਿੱਢੇਗੀ। ਅੱਜ ਇੱਥੇ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਬਲਾਕ ਆਗੂ ਗੋਬਿੰਦ ਸਿੰਘ ਚੱਠਾ ਦੀ ਅਗਵਾਈ ਵਿਚ ਹੋਈ ਇਕੱਤਰਤਾ ਵਿੱਚ ਇਹ ਐਲਾਨ ਕੀਤਾ ਗਿਆ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇੱਕ ਪਾਸੇ ਕਿਸਾਨ ਦਿੱਲੀ ਦੀਆਂ ਸੜਕਾਂ ’ਤੇ ਰੁਲ਼ ਰਿਹਾ ਹੈ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਡੀਏਪੀ ਖਾਦ ਦੀ ਆ ਰਹੀ ਕਮੀ ਕਾਰਨ ਕਿਸਾਨਾਂ ਨੂੰ ਦਰ ਬਦਰ ਰੋਲ਼ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਡੀਏਪੀ ਖਾਦ ਮਹਿੰਗੇ ਭਾਅ ਲੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਬੁਲਾਰਿਆਂ ਨੇ ਦੱਸਿਆ ਕਿ ਦਿੱਲੀ ਮੋਰਚੇ ਦੀ ਸਫ਼ਲਤਾ ਲਈ ਪਿੰਡਾਂ ਵਿੱਚੋਂ ਜੰਗੀ ਪੱਧਰ ’ਤੇ ਫੰਡ ਇਕੱਤਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਪੰਜਾਬ ਦੇ ਵਿੱਚੋਂ ਕਿਸਾਨਾਂ ਦੇ ਵੱਡੇ ਵੱਡੇ ਕਾਫ਼ਲੇ ਦਿੱਲੀ ਵੱਲ ਕੂਚ ਕਰਨਗੇ।