ਸਰਬਜੀਤ ਸਿੰਘ ਭੰਗੂ
ਪਟਿਆਲਾ, 10 ਮਾਰਚ
ਅੱਜ ਪਟਿਆਲਾ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਮੀਂਹ ਤੇ ਗੜੇ ਪਏ। ਇਸ ਦੌਰਾਨ ਵਧੇਰੇ ਕਰਕੇ ਪਟਿਆਲਾ ਤੋਂ ਛਿਪਦੇ ਵਾਲੇ ਪਾਸੇ ਸਥਿਤ ਡਕਾਲਾ, ਬਠੋਈ ਕਲਾਂ, ਬਠੋਈ ਖੁਰਦ, ਭਾਨਰਾ, ਬਾਂਦਰੀ ਤੇ ਇਸ ਖੇਤਰ ਦੇ ਕਈ ਹੋਰ ਪਿੰਡਾਂ ਵਿਚ ਮੀਂਹ ਦੇ ਨਾਲ ਗੜ੍ਹੇਮਾਰੀ ਵੀ ਹੋਈ। ਇਸ ਵਕਤ ਹੋਈ ਗੜੇਮਾਰੀ ਫਸਲਾਂ ਖਾਸ ਕਰਕੇ ਹਾੜ੍ਹੀ ਦੀ ਮੁੱਖ ਫਸਲ ਕਣਕ ਲਈ ਨੁਕਸਾਨਦੇਹ ਹੈ। ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਨਿਆਲ, ਰਘਵੀਰ ਸਿੰਘ ਨਿਆਲ, ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ, ਪਟਿਆਲਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਅਵਤਾਰ ਸਿੰਘ ਕੌਰਜੀਵਾਲਾ, ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਸਮੇਤ ਹੋਰ ਕਈ ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਇਸ ਗੜੇਮਾਰੀ ਨਾਲ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈ ਕੇ ਕਿਸਾਨਾਂ ਲਈ ਮੁਆਵਜ਼ਾ ਯਕੀਨੀ ਬਣਾਇਆ ਜਾਵੇ।