ਸਰਬਜੀਤ ਸਿੰਘ ਭੰਗੂ
ਪਟਿਆਲਾ, 17 ਨਵੰਬਰ
ਪੰਜਾਬ ਦੀਆਂ ਤੀਹ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਕੇਂਦਰ ਸਰਕਾਰ ਦੁਆਰਾ ਲਿਆਂਦੇ ਮਾਰੂ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹਨ। ਇਸੇ ਸੱਦੇ ਤਹਿਤ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠਾਂ ਕਿਸਾਨਾਂ ਨੇ 46 ਦਿਨਾਂ ਤੋਂ ਪਟਿਆਲਾ ਨੇੜਲੇ ਧਰੇੜੀ ਜੱਟਾਂ ਟੌਲ ਪਲਾਜ਼ੇ ਦਾ ਘਿਰਾਓ ਕੀਤਾ ਹੋਇਆ ਹੈ। ਅੱਜ ਦੀ ਇਕੱਤਰਤਾ ਨੂੰ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਰਣਜੀਤ ਸਵਾਜਪੁਰ, ਤੇਜਾ ਸਿੰਘ ਖੁਰਦ, ਜਗਜੀਤ ਦੌਣ, ਸੁਰਿੰਦਰ ਮਹਿਮਦਪੁਰਾ ਅਤੇ ਜਗਦੇਵ ਧਰੇੜੀ ਜੱਟਾਂ ਸਮੇਤ ਬੀਕੇਯੂ ਸਿੱਧੂਪੁਰ ਵੱਲੋਂ ਰਾਮਕਰਨ ਦੌਣ ਆਦਿ ਕਿਸਾਨ ਨੇਤਾਵਾਂ ਨੇ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ ‘ਦਿੱਲੀ ਚੱਲੋ’ ਮੁਹਿੰਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ ਜਿਸ ਦੀ ਲਾਮਬੰਦੀ ਲਈ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਕਾਨਫਰੰਸਾਂ, ਮੀਟਿੰਗਾਂ, ਨੁੱਕੜ ਮੀਟਿੰਗਾਂ, ਮਾਰਚ, ਢੋਲ ਮਾਰਚ ਕਰਕੇ ਲੋਕਾਂ ਨੂੰ ਜਾਗਰੂਕ ਅਤੇ ਲਾਮਬੰਦ ਕੀਤਾ ਜਾ ਰਿਹਾ ਹੈ। ਬੁਲਾਰਿਆਂ ਨੇ ਦੱਸਿਆ ਕਿ ਖਾਲਸਾ ਏਡ ਵੱਲੋਂ ਪਹਿਲੇ ਦਿਨ ਤੋਂ ਹੀ ਧਰਨਿਆਂ ਵਿੱਚ ਖਾਣਾ ਪਹੁੰਚਾਇਆ ਜਾ ਰਿਹਾ ਹੈ। 26-27 ਨਵੰਬਰ ਲਈ ਖਾਣਾ ਪਹੁੰਚਾਉਣ ਲਈ ਵੀ ਅੱਜ ਕਿਸਾਨ ਆਗੂਆਂ ਨਾਲ ਗੱਲ ਕਰਨ ਲਈ ਕਿਹਾ ਗਿਆ ਹੈ। ਇਸੇ ਦੌਰਾਨ ਗੁਰਬਖਸ਼ ਸਿੰਘ ਬਲਬੇੜਾ, ਸੇਵਾ ਸਿੰੰਘ ਪਨੌਦੀਆਂ, ਹਜੂਰਾ ਸਿੰਘ ਸੰਧਾਰਸੀ, ਦਰਬਾਰਾ ਸਿੰਘ ਆੜ, ਕਰਨੈਲ ਸਿੰਘ ਆਕੜ,ਨੱਥੂ ਰਾਮ ਘੜਾਮ, ਤੇਜਿੰਦਰ ਸਿੰਘ ਹਸਨਪੁਰ ਸਮੇਤ ਕਈ ਹੋਰ ਕਿਸਾਨ ਕਰੀਬ ਸਵਾ ਮਹੀਨੇ ਤੋਂ ਸ਼ੰਭੂ ਸਥਿਤ ਰੇਲਵੇ ਸਟੇਸ਼ਨ ’ਤੇ ਧਰਨਾ ਮਾਰ ਕੇ ਬੈਠੇ ਹਨ। ਇਹ ਜਾਣਕਾਰੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਬਖਸ਼ ਸਿੰਘ ਬਲਬੇੜਾ ਨੇ ਦਿੱਤੀ।
ਪਾਤੜਾਂ (ਪੱਤਰ ਪ੍ਰੇਰਕ): ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਉਜਾੜਨ ਦੇ ਰਾਹ ਤੁਰੀ ਹੋਈ ਹੈ। ਕਾਰਪੋਰੇਟ ਘਰਾਣਿਆਂ ਨੂੰ ਨਿੱਜੀ ਲਾਭ ਦੇਣ ਦੇ ਮਕਸਦ ਨਾਲ ਬਣਾਈਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਦੇਸ਼ ਭਰ ਦੇ ਕਿਸਾਨ ਅੰਦੋਲਨ ਦੇ ਰਾਹ ਪਏ ਹੋਏ ਹਨ। ਕਿਸਾਨਾਂ ਨੇ ਸਪਸ਼ਟ ਕੀਤਾ ਹੈ ਉਨ੍ਹਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤਕ ਕੇਂਦਰ ਸਰਕਾਰ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਕੁਲਵੰਤ ਸਿੰਘ ਮੌਲਵੀਵਾਲਾ ਨੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨੂੰ ਦਿੱਲੀ ਜਾਣ ਲਈ ਪ੍ਰੇਰਿਤ ਕਰਦਿਆਂ ਕੀਤਾ। ਕਿਸਾਨ ਆਗੂ ਨੇ ਕਿਹਾ ਹੈ ਕਿ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਸ਼ੁਰੂ ਕੀਤੇ ਗਏ ਸੰਘਰਸ਼ ਤਹਿਤ ਦਿੱਲੀ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਲਈ ਸੂਬੇ ਭਰ ਵਿੱਚੋਂ ਲੱਖਾਂ ਕਿਸਾਨ ਸ਼ਮੂਲੀਅਤ ਕਰਨਗੇ ਜਿਸ ਤਹਿਤ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਸਾਰੀਆਂ ਜਥੇਬੰਦੀਆਂ ਵੱਲੋਂ ਸਾਂਝੀ ਰੂਪਰੇਖਾ ਤਿਆਰ ਕੀਤੀ ਗਈ ਹੈ।
ਕਿਸਾਨਾਂ ਨੂੰ ਰਾਸ਼ਨ ਦਾ ਸਾਮਾਨ ਲਿਆਉਣ ਦੀ ਅਪੀਲ
ਸਮਾਣਾ (ਸੁਭਾਸ਼ ਚੰਦਰ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪੰਜਾਬ ਕਮੇਟੀ ਦੇ ਸੱਦੇ ਤੇ ਬਲਾਕ ਸਮਾਣਾ ਦੇ ਪ੍ਰਧਾਨ ਜਸਵਿੰਦਰ ਸਿੰਘ ਬਿਸ਼ਨਪੁਰਾ ਦੀ ਪ੍ਰਧਾਨਗੀ ਵਿਚ ਮੀਟਿੰਗ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਵਿੰਦਰ ਸਿੰਘ ਬਿਸ਼ਨਪੁਰ ਨੇ ਦੱਸਿਆ ਕਿ 18 ਨਵੰਬਰ ਨੂੰ ਡੀ.ਸੀ. ਦਫਤਰ ਪਟਿਆਲਾ ਅੱਗੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਜਾਵੇਗਾ। 21, 22 ਤੇ 23 ਨਵੰਬਰ ਨੂੰ ਜਥੇਬੰਦੀ ਦੇ ਵਰਕਰ ਤੇ ਬੀਬੀਆਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਇਸ ਸੰਘਰਸ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਅਤੇ 26 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦਿੱਲੀ ਦਾ ਘਿਰਾਓ ਕਰਨਗੀਆਂ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ 25 ਨਵੰਬਰ ਨੂੰ ਕਿਸਾਨ ਆਪੋ-ਆਪਣੀਆਂ ਟਰੈਕਟਰ-ਟਰਾਲੀਆਂ, ਆਟਾ ਦਾਲਾਂ, ਗੈਸ ਭੱਠੀਆਂ ਸਣੇ ਰਸੋਈ ਦੇ ਸਮਾਨ ਤੋਂ ਇਲਾਵਾ ਬਿਸਤਰੇ ਸਣੇ ਦਿੱਲੀ ਜਾਣ ਲਈ ਤਿਆਰ ਰਹਿਣ। ਇਸ ਮੌਕੇ ਜਗਮੇਲ ਸਿੰਘ ਗਾਜੇਵਾਸ, ਪਿੰਡ ਸ਼ਾਹਪੁਰ, ਮਵੀਕਲਾਂ, ਬੰਮਣਾ, ਦੋਦੜਾ, ਸਹਿਜਪੁਰ ਖੁਰਦ, ਬਲਮਗੜ੍ਹ, ਗਾਜੀਪੁਰ, ਕਾਨਗੜ੍ਹ ਭੂਤਨਾ, ਤਲਵੰਡੀ ਮਲਿਕ, ਗਾਜੇਵਾਸ, ਧਨੇਠਾ, ਕਾਦਰਾਬਾਦ , ਭੇਡਪੁਰੀ, ਬੇਲੂਮਾਜਰਾ, ਜੋੜਾਮਾਜਰਾ ਆਦਿ ਪਿੰਡਾਂ ਤੋਂ ਕਿਸਾਨ ਮੀਟਿੰਗ ਵਿਚ ਸ਼ਾਮਲ ਹੋਏ।
ਮੋਦੀ ਸਰਕਾਰ ਦੇ ਸੱਦੇ ’ਤੇ ਦਿੱਲੀ ਨਹੀਂ ਜਾਣਗੇ ਕਿਸਾਨ
ਪਾਤੜਾਂ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪਟਿਆਲਾ ਦੇ ਪ੍ਰਧਾਨ ਬਲਕਾਰ ਸਿੰਘ ਭੁੱਲਰ ਨੇ ਕੌਮੀ ਮੁੱਖ ਮਾਰਗ ਉੱਤੇ ਪਿੰਡ ਜੋਗੇਵਾਲ ਕੋਲ ਲਾਏ ਪੱਕੇ ਮੋਰਚੇ ਦੌਰਾਨ ਸੰਬੋਧਨ ਕਰਦਿਆਂ ਕਿਹਾ ਹੈ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਉੱਤੇ ਧੱਕੇ ਨਾਲ ਜਾਰੀ ਕੀਤੇ ਕਾਲੇ ਆਰਡੀਨੈਂਸਾਂ ਦਾ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਇਕ ਦਿਨ ਜ਼ਰੂਰ ਰੰਗ ਲਿਆਵੇਗਾ ਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕਰਨਾ ਪਵੇਗਾ। ਦਿੱਲੀ ਸਰਕਾਰ ਦੇ ਸੱਦੇ ਤੇ ਕਿਸਾਨ ਯੂਨੀਅਨ ਅੰਮ੍ਰਿਤਸਰ ਦਿੱਲੀ ਨਹੀਂ ਜਾਵੇਗੀ। ਬਲਕਿ ਕੇਂਦਰ ਦੇ ਆਗੂ ਸ਼ੰਭੂ ਬਾਰਡਰ ਮੋਰਚੇ ਤੇ ਪਹੁੰਚ ਖੇਤੀ ਕਾਨੂੰਨਾਂ ਬਾਰੇ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕੱਢਣ। ਇਸੇ ਦੌਰਾਨ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਮੋਦੀ ਸਰਕਾਰ ਵਿਰੁਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਕਿਹਾ।