ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 14 ਮਾਰਚ
ਇੱਥੋਂ ਨੇੜਲੇ ਪਿੰਡ ਨਮੋਲ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਹਿੰਦੁਸਤਾਨ ਪੈਟਰੋਲੀਅਮ ਕੰਪਨੀ ਵੱਲੋਂ ਖੇਤਾਂ ਵਿੱਚ ਪਾਈ ਜਾ ਰਹੀ ਪਾਈਪ ਲਾਈਨ ਦੇ ਕੰਮ ਨੂੰ ਰੋਕ ਦਿੱਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਨਗਰ ਪੰਚਾਇਤ ਜਥੇਬੰਦੀ ਦੇ ਆਗੂ ਹੈਪੀ ਨਮੋਲ ਤੇ ਕਰਮ ਸਿੰਘ ਨੇ ਕਿਹਾ ਕਿ ਖੇਤਾਂ ਵਿੱਚੋਂ ਦੀ ਬਿਨਾਂ ਕਿਸੇ ਸਹਿਮਤੀ ਦੇ ਹਿੰਦੁਸਤਾਨ ਪੈਟਰੋਲੀਅਮ ਕੰਪਨੀ ਵੱਲੋਂ ਪਾਈ ਜਾ ਰਹੀ ਪਾਈਪ ਲਾਈਨ ਦਾ ਕਿਸਾਨ ਵਿਰੋਧ ਕਰ ਰਹੇ ਹਨ ਅਤੇ ਨਮੋਲ ਪਿੰਡ ਦੇ ਕਿਸਾਨਾਂ ਨੇ ਫੈਸਲਾ ਕੀਤਾ ਹੈ ਉਹ ਕਿਸੇ ਕੀਮਤ ’ਤੇ ਵੀ ਪਾਇਪ ਲਾਈਨ ਨਹੀਂ ਪਾਉਣ ਦੇਣਗੇ। ਕਿਸਾਨ ਆਗੂਆਂ ਕਿਹਾ ਕਿ ਕੰਪਨੀ ਪ੍ਰਸ਼ਾਸਨ ਦੀ ਸ਼ਹਿ ’ਤੇ ਜਬਰੀ ਪਾਈਪ ਲਾਈਨ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਕੰਪਨੀ ਕਿਸਾਨਾਂ ਨੂੰ ਦੋਫਾੜ ਕਰਨ ’ਤੇ ਲੱਗੀ ਹੋਈ ਹੈ। ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਇਸ ਸਬੰਧੀ ਐੱਸਡੀਐੱਮ ਸੁਨਾਮ ਨੂੰ ਮੰਗ ਪੱਤਰ ਵੀ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਜਾਂ ਹਿੰਦੁਸਤਾਨ ਪੈਟਰੋਲੀਅਮ ਕੰਪਨੀ ਕਿਸਾਨਾਂ ਨਾਲ ਧੱਕੇ ਨਾਲ ਪਿੰਡ ਨਮੋਲ ਸਮੇਤ ਹੋਰਨਾਂ ਪਿੰਡਾਂ ਦੇ ਖੇਤਾਂ ਵਿੱਚੋਂ ਦੀ ਪਾਈਪ ਲਾਈਨ ਪਾਉਂਦੀ ਹੈ ਤਾਂ ਕਿਸਾਨਾਂ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਮਿਲਕੇ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਤੋਂ ਹਿੰਦੁਸਤਾਨ ਪੈਟਰੋਲੀਅਮ ਕੰਪਨੀ ਨੂੰ ਪਾਈਪ ਲਾਈਨ ਨਾ ਪਾਉਣ ਦੀ ਹਦਾਇਤ ਕਰਨ ਦੀ ਮੰਗ ਕੀਤੀ।