ਖੇਤਰੀ ਪ੍ਰਤੀਨਿਧ
ਪਟਿਆਲਾ, 3 ਅਕਤੂਬਰ
ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਵੱਖ-ਵੱਖ ਤਿਉਹਾਰਾਂ ਮੌਕੇ ਲੋਕਾਂ ਵੱਲੋਂ ਪਟਾਕੇ ਚਲਾਏ ਜਾਣ ਦੇ ਮੱਦੇਨਜ਼ਰ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਐਕਸਪਲੋਸਿਵਜ ਰੂਲਜ਼-2008 ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਹਿਤ ਆਦੇਸ਼ ਜਾਰੀ ਕੀਤੇ ਹਨ।
ਹਾਈ ਕੋਰਟ ਵੱਲੋਂ 2017 ਅਤੇ ਸੁਪਰੀਮ ਕੋਰਟ ਵੱਲੋਂ 2015 ਵਿੱਚ ਜਾਰੀ ਕੀਤੇ ਗਏ ਹੁਕਮਾਂ ਦੇ ਹਵਾਲੇ ਨਾਲ ਉਨ੍ਹਾਂ ਨੇ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਪਟਾਕੇ ਚਲਾਉਣ ਦੀ ਤਕੀਦ ਕੀਤੀ। ਦਸਹਿਰਾ ਕਮੇਟੀ ਜ਼ਿਲ੍ਹਾ ਮੈਜਿਸਟਰੇਟ ਪਾਸੋਂ ਪ੍ਰਵਾਨਗੀ ਲਵੇਗੀ ਅਤੇ ਪਟਾਕੇ ਕੇਵਲ ਸ਼ਾਮ 6 ਵਜੇ ਤੋਂ ਸ਼ਾਮ 7 ਵਜੇ ਤੱਕ ਚਲਾਏ ਜਾ ਸਕਣਗੇ। ਪਟਾਕੇ ਚਲਾਉਣ ਦੇ ਸਥਾਨ ਲੋਕਾਂ ਦੇ ਇਕੱਠ ਤੋਂ 30 ਮੀਟਰ ਦੇ ਘੇਰੇ ਤੋਂ ਦੂਰ ਹੋਣਗੇ। ਜਦੋਂਕਿ ਦੀਵਾਲੀ ਵਾਲੇ ਦਿਨ ਪਟਾਕੇ ਰਾਤ 8 ਤੋਂ ਰਾਤ 10 ਵਜੇ ਤੱਕ, ਗੁਰਪੁਰਬ ਵਾਲੇ ਦਿਨ ਸਵੇਰੇ 4 ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਤੋਂ 10 ਵਜੇ ਤੱਕ। ਕ੍ਰਿਸਮਿਸ ਦੀ ਪੂਰਵ ਸੰਧਿਆ ’ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਪਟਾਕੇ ਚਲਾਉਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੋਰ ਕਿਹਾ ਕਿ ਵਿਆਹ ਸ਼ਾਦੀਆਂ ਦੇ ਸਮਾਗਮਾਂ ਸਮੇਂ ਪਟਾਕੇ ਆਦਿ ਚਲਾਉਣ ਲਈ ਮੈਰਿਜ ਪੈਲੇਸ ਮਾਲਕ ਵੱਲੋਂ ਲਾਇਸੈਂਸ ਲੈਣਾ ਲਾਜ਼ਮੀ ਹੋਵੇਗਾ ਤੇ ਸੁਰੱਖਿਆ ਨੇਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਸ਼ੋਭਾ ਯਾਤਰਾ, ਨਗਰ ਕੀਰਤਨ, ਪ੍ਰਭਾਤ ਫੇਰੀ ਅਤੇ ਹੋਰ ਸਮਾਗਮਾਂ ਮੌਕੇ ਪਟਾਕਿਆਂ ਨੂੰ ਚਲਾਉਣ ਲਈ ਵੀ ਲਾਇਸੈਂਸ ਲੈਣਾ ਲਾਜ਼ਮੀ ਹੈ। ਇਸ ਦੌਰਾਨ ਸੰਘਣੀ ਵਸੋਂ ਵਾਲੇ ਇਲਾਕਿਆਂ ਅਤੇ ਅੱਗ ਲੱਗਣ ਵਾਲੇ ਸੰਭਾਵਤ ਖੇਤਰਾਂ ’ਚ ਪਟਾਕੇ ਚਲਾਉਣ ਦੀ ਸੰਪੂਰਨ ਮਨਾਹੀ ਹੋਵੇਗੀ। ਉਨ੍ਹਾਂ ਨਗਰ ਨਿਗਮ ਕਮਿਸ਼ਨਰ, ਪੁਲੀਸ, ਸਾਰੇ ਐਸ.ਡੀ.ਐਮਜ਼, ਸਿਵਲ ਸਰਜਨ, ਕਾਰਜਕਾਰੀ ਇੰਜਨੀਅਰ ਪ੍ਰਦੂਸ਼ਨ ਰੋਕਥਾਮ ਬੋਰਡ ਨੂੰ ਹਦਾਇਤਾਂ ਜਾਰੀ ਕਰਦਿਆਂ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।