ਰਵੇਲ ਸਿੰਘ ਭਿੰਡਰ
ਪਟਿਆਲਾ, 11 ਨਵੰਬਰ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਪਟਿਆਲਾ ਦੇ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਪਟਿਆਲ਼ਾ ਦੇ ਦਫ਼ਤਰ ਵਿੱਚ ਰੋਸ ਮੁਜ਼ਾਹਰਾ ਕਰਨ ਉਪਰੰਤ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ, ਜਿਸ ਕਾਰਨ ਅਧਿਅਪਕ ਵਰਗ ’ਚ ਰੋਸ ਦੀ ਲਹਿਰ ਵਧ ਰਹੀ ਹੈ। ਅਜਿਹੇ ’ਚ ਫੈਸਲਾ ਲਿਆ ਕਿ ਜੇ ਸਰਕਾਰ ਟੱਸ ਤੋਂ ਮੱਸ ਨਾ ਹੋਈ ਤਾਂ ਅਧਿਆਪਕ 2022 ਦੀਆਂ ਚੋਣਾਂ ’ਚ ਕਾਂਗਰਸ ਨਾਲ ਹਿਸਾਬ ਕਿਤਾਬ ਕਰਕੇ ਰਹਿਣਗੇ।ਅਧਿਆਪਕ ਆਗੂਆਂ ਨੇ ਤਿੱਖੇ ਤੌਖਲੇ ਜਾਹਿਰ ਕਰਦਿਆਂ ਗਿਲਾ ਕੀਤਾ ਕਿ ਸਿੱਖਿਆ ਵਿਭਾਗ ਵਿੱਚ ਨਵੀਂ ਭਰਤੀ ਰੈਗੂਲਰ ਗਰੇਡਾਂ ਦੀ ਬਜਾਏ ਕੇਂਦਰੀ ਗਰੇਡਾਂ ’ਚ ਕਰਨ ਦੀ ਤਜਵੀਜ਼ ਲਿਆਂਦੀ ਜਾ ਰਹੀ ਹੈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੁਲਾਜ਼ਮ ਵਿਰੋਧੀ ਫ਼ੈਸਲੇ ਲੈਣ ਕਾਰਨ ਪੰਜਾਬ ਦੇ ਮੁਲਾਜ਼ਮਾਂ ਵਿੱਚ ਤਿੱਖਾ ਰੋਸ ਹੈ। ਮੁਲਾਜ਼ਮਾਂ ਨੂੰ ਪੇਅ ਕਮਿਸ਼ਨ ਦਾ ਲਾਰਾ ਲਾਇਆ ਜਾ ਰਿਹਾ ਹੈ। ਇਸ ਮੌਕੇ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਹਰਪਾਲਪੁਰ ਨੇ ਕਿਹਾ ਕਿ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਇਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸਰਕਾਰ ਦੀ ਧੱਕੇਸ਼ਾਹੀ ਦਾ ਜਵਾਬ ਪੰਜਾਬ ਦੇ ਮੁਲਾਜ਼ਮ ਆਉਣ ਵਾਲ਼ੀਆਂ ਵਿਧਾਨ ਸਭਾ ਦੀਆਂ 2022 ਦੀਆਂ ਚੋਣਾਂ ’ਚ ਦੇਣਗੇ।
ਸੰਗਰੂਰ (ਗੁਰਦੀਪ ਸਿੰਘ ਲਾਲੀ) ਪੰਜਾਬ ਦੇ ਅਧਿਆਪਕਾਂ ਦੇ ਤਨਖਾਹ ਸਕੇਲ ਕੇਂਦਰੀ ਪੈਟਰਨ ਤੇ ਕਰਨ ਦੇ ਖਿਲਾਫ ਗੌਰਮਿੰਟ ਟੀਚਰਜ਼ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਅਧਿਆਪਕਾਂ ਵਲੋਂ ਇਥੇ ਡੀਸੀ ਕੰਪਲੈਕਸ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਅਧਿਆਪਕ ਵਿਰੋਧੀ ਫੈਸਲਿਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਤੋਂ ਪਹਿਲਾਂ ਯੂਨੀਅਨ ਦੀ ਅਗਵਾਈ ਹੇਠ ਅਧਿਆਪਕ ਬੱਸ ਸਟੈਂਡ ਨੇੜੇ ਇਕੱਠੇ ਹੋਏ ਜਿਥੇ ਮੀਟਿੰਗ ਕਰਨ ਤੋਂ ਬਾਅਦ ਰੋਸ ਮਾਰਚ ਕਰਦੇ ਹੋਏ ਡੀਸੀ ਕੰਪਲੈਕਸ ਅੱਗੇ ਪੁੱਜੇ ਤੇ ਪੰਜਾਬ ਸਰਕਾਰ ਦੀ ਅਰਥੀ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ।