ਪੱਤਰ ਪ੍ਰੇਰਕ
ਘਨੌਰ, 23 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੇ ਚੋਣ ਗੇੜੇ ਘਟਾ ਕੇ ਪੰਜਾਬ ਦੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਰਾਹੀਂ ਹਾੜ੍ਹੀ ਦੀ ਬਿਜਾਈ ਲਈ ਡੀ.ਏ.ਪੀ ਖਾਦ ਤੁਰੰਤ ਮੁਹੱਈਆ ਕਰਵਾਉਣ। ਸ
੍ਰੀ ਚੰਦੂਮਾਜਰਾ ਪਿੰਡ ਮਰਦਾਂਪੁਰ ’ਚ ਇੱਕ ਸੋਗ ਸਮਾਗਮ ਵਿੱਚ ਸ਼ਾਮਲ ਹੋਣ ਮਗਰੋਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਭਾਗ ਸਿੰਘ ਮਠੋਡਾ, ਲਾਲ ਸਿੰਘ ਮਰਦਾਂਪੁਰ ਸਮੇਤ ਹੋਰ ਮੌਜੂਦ ਸਨ।
ਚੰਦੂਮਾਜਰਾ ਨੇ ਕਿਹਾ ਕਿ ਹੁਣ ਹਾੜ੍ਹੀ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ। ਪਰ ਅਜੇ ਤੱਕ ਬਹੁਤੀਆਂ ਸਹਿਕਾਰੀ ਸਭਾਵਾਂ ਵਿੱਚ ਡੀ.ਏ.ਪੀ ਖਾਦ ਨਹੀਂ ਪੁੱਜੀ ਤੇ ਕਿਸਾਨ ਬਾਜ਼ਾਰਾਂ ਵਿੱਚ ਗੇੜੇ ਮਾਰ ਕੇ ਖੱਜਲ ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇੱਕ ਹਫਤੇ ਦੇ ਅੰਦਰ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਰਾਹੀਂ ਲੋੜੀਦੀਂ ਡੀ.ਏ.ਪੀ ਖਾਦ ਮੁਹੱਈਆ ਨਾ ਕਰਵਾਈ ਗਈ ਤਾਂ ਅਕਾਲੀ ਦਲ ਨੂੰ ਕਿਸਾਨਾਂ ਦੇ ਹਿੱਤ ਵਿੱਚ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਵੇਗਾ।