ਖੇਤਰੀ ਪ੍ਰਤੀਨਿਧ
ਪਟਿਆਲਾ, 3 ਅਪਰੈਲ
ਕਿਸਾਨਾਂ ਨੂੰ ਫਸਲ ਦੀ ਸਿੱਧੀ ਅਦਾਇਗੀ (ਤਜਵੀਜ਼ਸ਼ੁਦਾ ਡੀਬੀਟੀ ਸਕੀਮ) ਦੇ ਮਾਮਲੇ ਵਿੱਚ ਪੰਜਾਬ ਤੇ ਕੇਂਦਰ ਸਰਕਾਰ ਦੇ ਆਹਮੋ-ਸਾਹਮਣੇ ਹੋਣ ’ਤੇ ਬਣੇ ਹਾਲਾਤ ਉਪਰ ਪ੍ਰਤੀਕਿਰਿਆ ਦਿੰਦਿਆਂ, ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸਰਕਾਰ ਨੂੰ ਇਹ ਗੱਲ ਯਕੀਨੀ ਬਣਾਉਣੀ ਚਾਹੀਦੀ ਹੈ ਕਿ ਇਸ ਖਿੱਚੋਤਾਣ ਦਰਮਿਆਨ ਕਿਸਾਨਾਂ ਦਾ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣ ਵਰ੍ਹੇ ’ਚ ਕਿਸਾਨ ਹਿਤੈਸ਼ੀ ਹੋਣ ਦਾ ਵਿਖਾਵਾ ਛੱਡ ਕੇ ਕਿਸਾਨਾਂ ਦੀ ਫਸਲ ਦੀ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਵੱਲ ਧਿਆਨ ਦੇਣ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਇਸ ਸਕੀਮ ਨੂੰ ਲਾਗੂ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ । ਜਦਕਿ ਪੰਜਾਬ ਸਰਕਾਰ ਲਾਗੂ ਕਰਨ ਲਈ ਤਿਆਰ ਨਹੀਂ ਹੈ। ਅਜਿਹੇ ਵਿੱਚ ਸੂਬੇ ’ਚ 10 ਅਪਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖ਼ਰੀਦ ਦੀ ਅਦਾਇਗੀ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ। ਉਨ੍ਹਾਂ ਨੂੰ ਡਰ ਹੈ ਕਿ ਹਕੂਮਤਾਂ ਦੀ ਇਸ ਲੜਾਈ ’ਚ ਕਿਤੇ ਕਿਸਾਨਾਂ ਨੂੰ ਹੋਣ ਵਾਲੀ ਅਦਾਇਗੀ ਹੀ ਨਾ ਲਟਕ ਜਾਵੇ।