ਸਰਬਜੀਤ ਸਿੰਘ ਭੰਗੂ
ਪਟਿਆਲਾ, 18 ਨਵੰਬਰ
ਜ਼ਿਲ੍ਹੇ ਵਿਚਲੇ ਨਵੇਂ ਬਣੇ 6276 ਪੰਚਾਂ ਨੂੰ ਵੀ 19 ਨਵੰਬਰ ਨੂੰ ਅਹੁਦੇ ਦੀ ਸਹੁੰ ਚੁਕਾਈ ਜਾ ਰਹੀ ਹੈ। ਸਹੁੰ ਚੁਕਵਾਉਣ ਦੀ ਇਹ ਰਸਮ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਅਦਾ ਕਰਨਗੇ।
ਇਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਇੱਥੇ ਸੰਗਰੂਰ ਰੋਡ ’ਤੇ ਏਵੀਏਸ਼ਨ ਕਲੱਬ ਦੇ ਨੇੜੇ ਸਥਿਤ ਨਿਊ ਪੋਲੋ ਗਰਾਊਂਡ ਵਿੱਚ ਹੇਵੇਗਾ। ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆ ਨਾਲ ਮੀਟਿੰਗ ਵੀ ਕੀਤੀ। ਜਿਸ ਦੌਰਾਨ ਏਡੀਸੀ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਸਮੂਹ ਐੱਸਡੀਐੱਮਜ਼ ਸਮੇਤ ਪੰਚਾਇਤ ਵਿਭਾਗ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ।
ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਮੌਕੇ ਜ਼ਿਲ੍ਹੇ ਦੇ ਸਮੂਹ ਵਿਧਾਇਕ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 10 ਬਲਾਕਾਂ ਵਿੱਚ 232 ਗ੍ਰਾਮ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਮੁਕੰਮਲ ਹੋਈ ਸੀ।
ਇਸ ਦੌਰਾਨ ਐੱਸਐੱਸਪੀ ਡਾ. ਨਾਨਕ ਸਿੰਘ ਨੇ ਵੀ ਸਮਾਗਮ ਵਾਲੀ ਥਾਂ ਦਾ ਦੌਰਾ ਕਰਕੇ ਸੁਰੱਖਿਆ ਪੱਖੋਂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਐੱਸਪੀ ਸਿਟੀ ਸਰਫਰਾਜ ਆਲਮ ਤੇ ਐੱਸਪੀ ਐੱਚ ਹਰਬੰਤ ਕੌਰ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਤੋਂ ਪਹਿਲਾਾਂ ਪੰਜਾਬ ਦੇ ਨਵੇਂ ਚੁਣੇ ਗਏ ਸਰਪੰਚਾਂ ਦੇ ਨਾਲ ਹੀ ਪਟਿਆਲਾ ਜ਼ਿਲ੍ਹੇ ਵਿਚਲੇ 1022 ਸਰਪੰਚਾਂ ਨੂੰ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਹੁੰ ਚਕਾਈ ਗਈ ਸੀ।
ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ-ਭਾਰ
ਧੂਰੀ (ਬੀਰਬਲ ਰਿਸ਼ੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 19 ਨਵੰਬਰ ਨੂੰ ਪੰਚਾਂ ਦੇ ਸਹੁੰ ਚੁੱਕ ਸਮਾਗਮ ਮੌਕੇ ਆਈਆਰਬੀ ਦੂਜੀ ਬਟਾਲੀਅਨ ਲੱਡਾ ਕੋਠੀ ਆਉਣ ਦੇ ਮੱਦੇਨਜ਼ਰ ਤਿਆਰੀਆਂ ’ਚ ਜੁਟਿਆ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਵਿਖਾਈ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲੱਡਾ ਕੋਠੀ ਪਹੁੰਚੇ ਅਤੇ ਸਮੁੱਚੇ ਪ੍ਰਬੰਧਾਂ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ। ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਸੁਖਚੈਨ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਕਰੀਬਨ 31 ਸੌ ਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਸਹੁੰ ਚੁਕਾਈ ਜਾਣੀ ਹੈ ਜਿਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਸਹੁੰ ਚੁੱਕ ਸਮਾਗਮ ’ਚ ਆਉਣ ਵਾਲੇ ਪੰਚਾਇਤੀ ਨੁੰਮਾਇੰਦਿਆਂ ਦੀਆਂ ਗੱਡੀਆਂ ਲਈ ਵਸੰਤ ਵੈਲੀ ਸਕੂਲ ਨੇੜੇ ਪ੍ਰਬੰਧ ਕੀਤਾ ਗਿਆ ਹੈ