ਪੱਤਰ ਪ੍ਰੇੇਰਕ/ਨਿਜੀ ਪੱਤਰ ਪ੍ਰੇਰਕ
ਸੰਗਰੂਰ, 22 ਜੁਲਾਈ
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਐਲਾਨ ਕੀਤਾ ਹੈ ਕਿ ਜੇਕਰ ਪਾਰਟੀ ਸੱਤਾ ਵਿੱਚ ਆਈ ਤਾਂ ਪੰਜਾਬ ਦੀਆਂ ਟਰੱਕ ਯੂਨੀਅਨਾਂ ਨੂੰ ਮੁੜ ਬਹਾਲ ਕੀਤਾ ਜਾਵੇਗਾ ਜਿਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸੱਤਾ ’ਤੇ ਕਾਬਜ਼ ਹੁੰਦਿਆਂ ਭੰਗ ਕਰ ਦਿੱਤਾ ਸੀ। ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਟਰੱਕਾਂ ਦਾ ਕਾਰੋਬਾਰ ਵਧੇਰੇ ਕਰਕੇ ਕਿਸਾਨ ਪਰਿਵਾਰਾਂ ਨਾਲ ਜੁੜਿਆ ਹੋਇਆ ਹੈ। ਕਾਰੋਬਾਰ ਵੱਡੀ ਗਿਣਤੀ ਪਰਿਵਾਰਾਂ ਦੇ ਰੁਜ਼ਗਾਰ ਦੇ ਸਾਧਨ ਨਾਲ ਇਹ ਸੇਵਾ ਕਰਨ ਦਾ ਮੌਕਾ ਵੀ ਹੈ। ਢੀਂਡਸਾ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਰੁਜ਼ਗਾਰ ਦੇ ਸਾਧਨ ਪੈਦਾ ਕਰਨ ਦੀ ਥਾਂ ਆਮ ਲੋਕਾਂ ਦੇ ਚੱਲ ਰਹੇ ਰੁਜ਼ਗਾਰ ਸਾਧਨ ਦੇ ਵੀ ਖੋਹ ਲਏ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਰੁਜ਼ਗਾਰ ਦੇ ਸਾਧਨ ਪੈਦਾ ਕਰਨ ਦੇ ਪ੍ਰੋਗਰਾਮ ਵਿੱਚ ਟਰੱਕ ਯੂਨੀਅਨਾਂ ਬਹਾਲ ਕਰਕੇ ਲੋਕਾਂ ਨੂੰ ਰੁਜ਼ਗਾਰ ਦੇਣਾ ਵੀ ਸ਼ਾਮਲ ਹੈ। ਉਨ੍ਹਾਂ ਕਾਂਗਰਸ ਪਾਰਟੀ ਦੇ ਟਰੱਕ ਯੂਨੀਅਨਾਂ ਭੰਗ ਕਰਨ ਦੇ ਫੈਸਲੇ ਨੂੰ ਲੋਕ ਵਿਰੋਧੀ ਕਦਮ ਦੱਸਦਿਆਂ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਪੰਜਾਬ ਨੂੰ ਵੱਡੇ ਸੰਕਟ ਵੱਲ ਲਿਜਾਣ ਦੀ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਅੰਦਰ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ।