ਖੇਤਰੀ ਪ੍ਰਤੀਨਿਧ
ਪਟਿਆਲਾ, 23 ਮਈ
ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਪੰਜਾਬ ਦੇ ਰਾਜਪਾਲ ਅਤੇ ਯੂਨੀਵਰਸਿਟੀ ਦੇ ਚਾਂਸਲਰ ਬਨਵਾਰੀ ਲਾਲ ਪੁਰੋਹਿਤ ਨਾਲ ਰਸਮੀ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ’ਵਰਸਿਟੀ ਦੀ ਵਿੱਤੀ ਸਥਿਤੀ ਬਾਰੇ ਜਾਣੂ ਕਰਵਾਇਆ। ਯੂਨੀਵਰਸਿਟੀ ਦੇ ਬੁਲਾਰੇ ਨੇ ਅੱਜ ਇਥੇ ਇਹ ਜਾਣਕਾਰੀ ਦਿੱਤੀ।
ਬੁਲਾਰੇ ਨੇ ਦੱਸਿਆ ਯੂਨੀਵਰਸਿਟੀ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਅਤੇ ਨਿਰੰਤਰ ਸਰਗਰਮੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਮੌਜੂਦਾ ਵਿੱਤੀ ਸੰਕਟ ਦੇ ਬਾਵਜੂਦ ਯੂਨੀਵਰਸਿਟੀ ਵਿਚਲੇ ਅਧਿਆਪਨ ਅਤੇ ਖੋਜ ਦੇ ਕਾਰਜਾਂ ਨੂੰ ਜਾਰੀ ਰੱਖਣ ਅਤੇ ਇਸ ਸਭ ਦਾ ਮਿਆਰੀ ਪੱਧਰ ਬਣਾਈ ਰੱਖਣ ਲਈ ਯੂਨੀਵਰਸਿਟੀ ਵੱਲੋਂ ਆਪਣੇ ਪੱਧਰ ਉੱਤੇ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਵੀ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ। ਬੁਲਾਰੇ ਨੇ ਇਹ ਵੀ ਦੱਸਿਆ ਕਿ ਰਾਜਪਾਲ ਵੱਲੋਂ ਅਜਿਹੇ ਸਭ ਉਪਰਾਲਿਆਂ, ਪਹਿਲਕਦਮੀਆਂ ਅਤੇ ਸਰਗਰਮੀਆਂ ਬਾਰੇ ਸੁਣ ਕੇ ਯੂਨੀਵਰਸਿਟੀ ਦੀ ਕਾਰਗੁਜ਼ਾਰੀ ਬਾਰੇ ਪੂਰੀ ਤਰ੍ਹਾਂ ਸੰਤੁਸ਼ਟੀ ਜ਼ਾਹਿਰ ਕਰਦਿਆਂ, ਭਰੋਸਾ ਦਿਵਾਇਆ ਗਿਆ ਉਹ ਯੂਨੀਵਰਸਿਟੀ ਲਈ ਆਪਣੇ ਵੱਲੋਂ ਬਣਦੀ ਹਰ ਸੰਭਵ ਮਦਦ ਕਰਨਗੇ।