ਖੇਤਰੀ ਪ੍ਰਤੀਨਿਧ
ਪਟਿਆਲਾ, 2 ਜੁਲਾਈ
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜਿੰਦਰ ਅਗਰਵਾਲ ਦੇ ਦਿਸ਼ਾ- ਨਿਰਦੇਸ਼ਾਂ ’ਤੇ ਪੈਨਲ ਐਡਵੋਕੇਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਪਕ ਜਿੰਦਲ ਵੱਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਸਮੇਤ ਪੰਚਾਂ ਤੇ ਸਰਪੰਚਾਂ ਨਾਲ ਗੂਗਲ ਮੀਟ ਐਪ ਰਾਹੀਂ ਗੱਲਬਾਤ ਕਰ ਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਮੁਫ਼ਤ ਕਾਨੂੰਨੀ ਸੇਵਾਵਾਂ ਲਈ ਟੋਲ ਫ੍ਰੀ ਹੈਲਪ ਲਾਈਨ ਨੰਬਰ-1968 ਸਮੇਤ ਕੰਸੀਲੀਏਸ਼ਨ ਸੈਂਟਰ ਅਤੇ ਸਥਾਈ ਲੋਕ ਅਦਾਲਤ ਸਬੰਧੀ ਜਾਣਕਾਰੀ ਵੀ ਦਿੱਤੀ। ਪੈਨਲ ਐਡਵੋਕੇਟ ਨੇ ਕਰੋਨਾਵਾਇਰਸ ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਤੋਂ ਵੀ ਪੰਚਾਂ ਤੇ ਸਰਪੰਚਾਂ ਨੂੰ ਜਾਣੂ ਕਰਵਾਇਆ। ਗੂਗਲ ਮੀਟ ’ਤੇ ਗੱਲਬਾਤ ਦੌਰਾਨ ਉਨ੍ਹਾਂ ਲੋਕਾਂ ਨੂੰ ਇਹ ਸਲਾਹ ਵੀ ਦਿੱਤੀ ਕਿ ਉਹ ਸਾਬੁਣ ਨਾਲ ਸਮੇਂ-ਸਮੇਂ ’ਤੇ ਆਪਣੇ ਹੱਥ ਚੰਗੀ ਤਰ੍ਹਾਂ ਘੱਟੋ-ਘੱਟ 20 ਸਕਿੰਟਾਂ ਤੱਕ ਜ਼ਰੂਰ ਧੋਣ ਅਤੇ ਮਾਸਕ ਪਾ ਕੇ ਰੱਖਣ, ਤਾਂ ਜੋ ਆਪਣਾ ਅਤੇ ਦੂਜਿਆਂ ਦਾ ਕਰੋਨਾਵਾਇਰਸ ਤੋਂ ਬਚਾਅ ਕੀਤਾ ਜਾ ਸਕੇ ਅਤੇ ਬਿਨਾਂ ਕੰਮ ਤੋਂ ਘਰੋਂ ਬਾਹਰ ਆਉਣ ਤੋਂ ਗੁਰੇਜ਼ ਕੀਤਾ ਜਾਵੇ।