ਪੱਤਰ ਪ੍ਰੇਰਕ
ਦੇਵੀਗੜ੍ਹ, 15 ਅਕਤੂਬਰ
ਦੇਵੀਗੜ੍ਹ ਨੇੜਲੇ ਪਿੰਡ ਉਪਲੀ ਵਿੱਚ ਪੁਰਾਣੀ ਰੰਜ਼ਿਸ਼ ਕਾਰਨ ਦੋ ਭਰਾਵਾਂ ਵਿਚਾਲੇ ਹੋਏ ਝਗੜੇ ਦੌਰਾਨ ਬਚਾਅ ਕਰਨ ਆਈ 70 ਸਾਲਾਂ ਦੀ ਔਰਤ ਸੁਰਜੀਤ ਕੌਰ ਸੱਟ ਲੱਗਣ ਨਾਲ ਜ਼ਖ਼ਮੀ ਹੋ ਗਈ। ਉਸ ਦੀ ਰਾਜਿੰਦਰਾ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਭੁਨਰਹੇੜੀ ਦੀ ਪੁਲੀਸ ਨੇ ਮ੍ਰਿਤਕਾ ਦੇ ਪਤੀ ਜੱਸਾ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਤਿੰਨਾਂ ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਸ ਸਬੰਧੀ ਪੁਲੀਸ ਚੌਕੀ ਭੁਨਰਹੇੜੀ ਦੇ ਇੰਚਾਰਜ ਨਿਸ਼ਾਨ ਸਿੰਘ ਨੇ ਦੱਸਿਆ ਕਿ ਦੋਵਾਂ ਭਰਾਵਾਂ ਵਿਚਕਾਰ ਕਾਫੀ ਸਮੇਂ ਤੋਂ ਝਗੜਾ ਚਲਦਾ ਆ ਰਿਹਾ ਸੀ। ਜਦੋਂ ਜੱਸਾ ਸਿੰਘ ਸਾਈਕਲ ’ਤੇ ਜਾ ਰਿਹਾ ਸੀ ਤਾਂ ਨਿਰਮਲ ਸਿੰਘ ਨੇ ਉਸ ਉੱਤੇ ਡੰਡੇ ਨਾਲ ਹਮਲਾ ਕਰ ਦਿੱਤਾ, ਜਦੋਂ ਉਸ ਦੀ ਪਤਨੀ ਉਸ ਨੂੰ ਛੁਡਾਉਣ ਆਈ ਤਾਂ ਉਸ ਨੇ ਉਸ ’ਤੇ ਵੀ ਡੰਡੇ ਨਾਲ ਹਮਲਾ ਕਰ ਦਿੱਤਾ। ਇਲਾਜ ਦੌਰਾਨ ਸੁਰਜੀਤ ਕੌਰ ਦੀ ਮੌਤ ਹੋ ਗਈ।
ਪੁਲੀਸ ਨੇ ਨਿਰਮਲ ਸਿੰਘ ਅਤੇ ਉਸ ਦੇ ਦੋ ਪੁੱਤਰਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਔਰਤ ਦੀ ਮੌਤ ਦੇ ਕਾਰਨਾਂ ਦਾ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕਦਾ ਹੈ।