ਪਟਿਆਲਾ (ਖੇਤਰੀ ਪ੍ਰਤੀਨਿਧ/ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਬਣਾਏ ਗਏ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਅੱਜ ਪਟਿਆਲਾ ਸਥਿਤ ਆਪਣੇ ਦਫਤਰ ਵਿੱਚ ਅਹੁਦਾ ਸੰਭਾਲ ਲਿਆ ਹੈ। ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਖੁਸ਼ੀ ਦੀ ਗੱਲ ਕਿ ਉਸ ਨੂੰ ਵਿਕਾਸ ਨਾਲ ਜੁੜੀ ਹੋਈ ਜ਼ਿੰਮੇਵਾਰੀ ਮਿਲੀ ਹੈ। ਇਸ ਮੌਕੇ ਵਿਸ਼ੇਸ਼ੇ ਤੌਰ ’ਤੇ ਪੁੱਜੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਭਗਵੰਤ ਮਾਨ ਦੀ ਟੀਮ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਦ੍ਰਿੜ ਸੰਕਲਪ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਕੋਹਲੀ, ਡਾ.ਬਲਬੀਰ ਸਿੰਘ, ਹਰਮੀਤ ਪਠਾਣਮਾਜਰਾ, ਗੁਰਲਾਲ ਘਨੌਰ ਤੇ ਕੁਲਵੰਤ ਬਾਜ਼ੀਗਰ ਸਮੇਤ ‘ਆਪ’ ਆਗੂ ਗੁਰਮੇਲ ਘਰਾਂਚੋਂ ਆਦਿ ਹਾਜ਼ਰ ਸਨ।