ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਅਕਤੂਬਰ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਦਿੱਲੀ ਦੇ ਕਿਸਾਨ-ਮੋਰਚਿਆਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਜਥੇ ਭੇਜੇ ਜਾ ਰਹੇ ਹਨ। ਅੱਜ ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦਾ ਜਥਾ ਪਿੰਡ ਕਿਲਾ ਭਰੀਆਂ ਤੋਂ ਦਿੱਲੀ ਦੇ ਸਿੰਘੂ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਲਈ ਰਵਾਨਾ ਹੋਇਆ। ਇਸ ਮੌਕੇ ਭਾਕਿਯੂ ਏਕਤਾ ਡਕੌਂਦਾ ਦੇ ਆਗੂ ਸਤਨਾਮ ਸਿੰਘ ਨੇ ਕਿਹਾ ਕਿ ਖੇਤੀ ਮਾਰੂ ਕਾਲੇ ਕਾਨੂੰਨਾਂ ਖ਼ਿਲਾਫ਼ ਪਿਛਲੇ ਕਰੀਬ 11 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨ ਸੰਘਰਸ਼ ਚੱਲ ਰਿਹਾ ਹੈ। ਭਾਵੇਂ ਕੇਂਦਰ ਸਰਕਾਰ ਨੇ ਕਿਸਾਨ ਸੰਘਰਸ਼ ਨੂੰ ਢਾਹ ਲੈਣ ਲਈ ਅਨੇਕਾਂ ਯਤਨ ਕੀਤੇ ਗਏ ਪਰ ਕਿਸਾਨ ਸੰਘਰਸ਼ ਲਗਾਤਾਰ ਮਜ਼ਬੂਤ ਹੁੰਦਾ ਗਿਆ। ਉਨ੍ਹਾਂ ਕਿਹਾ ਕਿ ਇੱਕ ਪਾਸੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਸਰਕਾਰੀ ਜਬਰ ਖ਼ਿਲਾਫ਼ ਲੜਾਈ ਲੜ ਰਿਹਾ ਹੈ ਤੇ ਦੂਜੇ ਪਾਸੇ ਕੁਦਰਤ ਦੀ ਕਰੋਪੀ ਦਾ ਵੀ ਅੰਨਦਾਤਾ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ, ਮੀਂਹ ਅਤੇ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਮੂਆਵਜ਼ਾ ਦਿੱਤਾ ਜਾਵੇ।
ਪਿੰਡ ਕਿਲਾਭਰੀਆਂ ਤੋਂ ਕਿਸਾਨਾਂ ਦਾ ਜਥਾ ਸਿੰਘੂ ਬਾਰਡਰ ਲਈ ਰਵਾਨਾ ਹੁੰਦਾ ਹੋਇਆ।