ਪੱਤਰ ਪ੍ਰੇਰਕ
ਰਾਜਪੁਰਾ, 24 ਨਵੰਬਰ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਭਾਈ ਸੁੱਖਾ ਸਿੰਘ ਨੀਲਪੁਰ ਵਿੱਚ ਆਲ ਇੰਡੀਆ ਕਿਸਾਨ ਫੈੱਡਰੇਸ਼ਨ ਦੀ ਜਨਰਲ ਬਾਡੀ ਮੀਟਿੰਗ ਹੋਈ। ਮੀਟਿੰਗ ਦੌਰਾਨ 26 ਨਵੰਬਰ ਨੂੰ ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮੌਕੇ ਕੀਤੇ ਜਾ ਰਹੇ ਇਕੱਠ ਸਬੰਧੀ ਚਰਚਾ ਕੀਤੀ ਗਈ। ਆਲ ਇੰਡੀਆ ਕਿਸਾਨ ਫੈੱਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਕਿਸਾਨ ਅੰਦੋਲਨ ਐਮਐਸਪੀ ਉੱਤੇ ਕਾਨੂੰਨੀ ਗਾਰੰਟੀ ਲੈਣ, ਕਿਸਾਨਾਂ ਉੱਤੇ ਦਰਜ ਸਾਰੇ ਕੇਸ ਵਾਪਸ ਲੈਣ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਣੇ ਹੋਰ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ। ਅੰਦੋਲਨ ਦੀ 26 ਨਵੰਬਰ ਨੂੰ ਵਰ੍ਹੇਗੰਢ ਮੌਕੇ ਦਿੱਲੀ ਦੇ ਮੋਰਚਿਆਂ ’ਤੇ ਲੱਖਾਂ ਕਿਸਾਨ ਪਹੁੰਚਣਗੇ। ਫੈੱਡਰੇਸ਼ਨ ਦੇ ਕਾਰਕੁਨਾਂ ਦਾ ਕਾਫ਼ਲਾ 25 ਨੂੰ ਸਵੇਰੇ 11 ਵਜੇ ਸ਼ੰਭੂ ਬੈਰੀਅਰ ਤੋਂ ਸਿੰਘੂ ਬਾਰਡਰ ਲਈ ਰਵਾਨਾ ਹੋਵੇਗਾ।