ਸੁਭਾਸ਼ ਚੰਦਰ
ਸਮਾਣਾ, 22 ਸਤੰਬਰ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਦੋ ਅਹਿਮ ਪਿੰਡਾਂ ਰੱਖੜਾ ਤੇ ਲੰਗੜੋਈ ਵਿੱਚ 1 ਕਰੋੜ 15 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਬਿਨਾਂ ਕਿਸੇ ਰਾਜਸੀ ਵਿਤਕਰੇ ਤੋਂ ਪੰਜਾਬ ਦੇ ਭਲੇ ਤੇ ਸੂਬੇ ਦੇ ਵਡੇਰੇ ਹਿੱਤਾਂ ਲਈ ਕੰਮ ਕਰ ਰਹੀ ਹੈ। ਮੰਤਰੀ ਨੇ ਲੋਕਾਂ ਨੂੰ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਹਰ ਪਿੰਡ ਵਿੱਚ ਪੰਚਾਇਤੀ ਚੋਣਾਂ ਵਿੱਚ ਚੰਗੇ ਪੰਚਾਂ-ਸਰਪੰਚਾਂ ਦੀ ਚੋਣ ਕੀਤੀ ਜਾਵੇ ਤੇ ਜੇ ਹੋ ਸਕੇ ਤਾਂ ਹਰ ਪਿੰਡ ਵਿੱਚ ਸਰਬਸੰਮਤੀ ਹੀ ਕਰ ਲਈ ਜਾਵੇ।
ਮੰਤਰੀ ਜੌੜਾਮਾਜਰਾ ਨੇ ਪਿੰਡ ਰੱਖੜਾ ਵਿੱਚ 60 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਤਿ-ਆਧੁਨਿਕ ਖੇਡ ਸਟੇਡੀਅਮ, 10 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਈਪਾਂ ਤੇ 5 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਕਰਵਾਏ ਜਾਣ ਵਾਲੇ ਕੰਮਾਂ ਦਾ ਵੀ ਨੀਂਹ ਪੱਥਰ ਰੱਖਿਆ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਇਸ ਪਿੰਡ ਦਾ ਵਜ਼ੀਰ ਹੋਣ ਦੇ ਬਾਵਜੂਦ ਪਿਛਲੇ ਕਰੀਬ ਡੇਢ ਦਹਾਕੇ ਤੋਂ ਖੇਡ ਸਟੇਡੀਅਮ ਬੇਆਬਾਦ ਪਿਆ ਸੀ।
ਸ੍ਰੀ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਫ਼ਨਾ ਹੈ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕੀਤੇ ਫ਼ੈਸਲੇ ਮੁਤਾਬਕ ਹੁਣ ਪੁਲੀਸ ਦੀ ਭਰਤੀ ਹਰ ਸਾਲ ਬਿਨਾਂ ਕਿਸੇ ਸਿਫ਼ਾਰਸ਼ ਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਇਸ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨ ਨਹਿਰੀ ਪਾਣੀ ਦੀ ਵਰਤੋਂ ਵੱਧ ਤੋਂ ਵੱਧ ਕਰਨ।
ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਤਰਲੋਚਨ ਸਿੰਘ ਰੱਖੜਾ, ਹਰਿੰਦਰ ਸਿੰਘ ਢਿੱਲੋਂ, ਨਾਜਰ ਸਿੰਘ, ਸੋਨੂ ਥਿੰਦ, ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ, ਪੰਚਾਇਤ ਵਿਭਾਗ ਤੋਂ ਗੁਰਮੁਖ ਸਿੰਘ, ਜੇਈ ਸੁਨੀਲ ਕੁਮਾਰ, ਸੁਰਿੰਦਰ ਸਿੰਘ ਤੇ ਅਸ਼ੋਕ ਕੁਮਾਰ ਆਦਿ ਮੌਜੂਦ ਸਨ।