ਪੱਤਰ ਪ੍ਰੇਰਕ
ਪਟਿਆਲਾ, 6 ਸਤੰਬਰ
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇੱਥੇ ਥਾਪਰ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਚ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਜ਼ਿਲ੍ਹੇ ਦੇ ਪਰਾਲੀ ਨਾ ਸਾੜਨ ਵਾਲੇ ਦੋ ਏਕੜ ਤੋਂ ਘੱਟ ਜ਼ਮੀਨ ਵਾਲੇ 150 ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ‘ਨੀਲੇ ਅਸਮਾਨ ਲਈ ਸ਼ੁੱਧ ਹਵਾ ਦਾ ਅੰਤਰਰਾਸ਼ਟਰੀ ਦਿਵਸ’ ਮੌਕੇ ਜੌੜਾਮਾਜਰਾ ਨੇ ਲੋਕਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਸਮਾਣਾ ਵਿੱਚ ਪਰਾਲੀ ਤੋਂ ਪੈਲੇਟਸ ਬਣਾਉਣ ਵਾਲੀ ਲਗਾਈ ਗਈ ਇੰਡਸਟਰੀ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਪੰਜਾਬ ਭਰ ’ਚ ਪਰਾਲੀ ਨੂੰ ਬਿਨਾਂ ਸਾੜੇ ਖੇਤਾਂ ਵਿੱਚੋਂ ਇਕੱਠੀ ਕਰਕੇ ਇਸ ਦੀ ਬਾਲਣ ਵਜੋਂ ਅਤੇ ਹੋਰਨਾਂ ਕੰਮਾਂ ਲਈ ਵਰਤੋਂ ਦੀ ਇੰਡਸਟਰੀ ਵੱਡੇ ਪੱਧਰ ’ਤੇ ਲਗਾਈ ਜਾ ਰਹੀ ਹੈ। ਜੌੜਾਮਾਜਰਾ ਨੇ ਘੱਟ ਜ਼ਮੀਨ ਵਾਲੇ ਛੋਟੇ ਕਿਸਾਨਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਸਮੇਂ ਦੇ ਹਾਣੀ ਬਣਕੇ ਜਿੱਥੇ ਖ਼ੁਦ ਦੇ ਟਰੈਕਟਰ ਤੇ ਹੋਰ ਵੱਡੇ ਖੇਤੀ ਸੰਦ ਖ਼ਰੀਦਣ ਤੋਂ ਗੁਰੇਜ਼ ਕਰਨ, ਉੱਥੇ ਹੀ ਆਪਣੀਆਂ ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਕਰਕੇ ਉੱਥੋਂ ਦੇ ਖੇਤੀ ਸੰਦ ਵਰਤਣ। ਪੰਜਾਬ ’ਚ ਬਹੁਤ ਚੰਗੀਆਂ ਚੱਲ ਰਹੀਆਂ ਸਹਿਕਾਰੀ ਸਭਾਵਾਂ ਦੀਆਂ ਕਈ ਮਿਸਾਲਾਂ ਹਨ, ਜਿੱਥੇ ਇਨ੍ਹਾਂ ਸਹਿਕਾਰੀ ਸਭਾਵਾਂ ਨੇ ਕਾਫ਼ੀ ਤਰੱਕੀ ਕੀਤੀ ਹੈ। ਇੱਕ-ਡੇਢ ਜਾਂ ਦੋ ਕਿੱਲੇ ਵਾਲੇ ਕਿਸਾਨ ਕਣਕ-ਝੋਨੇ ਦੇ ਚੱਕਰ ’ਚੋਂ ਨਿਕਲ ਕੇ ਆਪਣੇ ਗਰੁੱਪ ਬਣਾਉਣ, ਬਾਗ਼ਬਾਨੀ ਅਪਣਾਉਣ, ਪੌਲੀ ਹਾਊਸ ਬਣਾਉਣ ਤੇ ਸਰਕਾਰੀ ਸਬਸਿਡੀ ਦਾ ਵੀ ਲਾਭ ਉਠਾਉਣ। ਇਸ ਮੌਕੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਸੁਰਿੰਦਰਪਾਲ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਕੰਚਨ, ਏਐੱਸਪੀ ਵੈਭਵ ਚੌਧਰੀ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਗੁਰਕਰਨ ਸਿੰਘ, ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ, ਡੀਡੀਐੱਫ ਨਿਧੀ ਮਲਹੋਤਰਾ, ਸੁਰਜੀਤ ਸਿੰਘ ਫੌਜੀ ਮੌਜੂਦ ਸਨ।