ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 20 ਅਪਰੈਲ
ਸੰਗਰੂਰ-ਦਿੱਲੀ ਸੜਕ ’ਤੇ ਸੁਨਾਮ ਨੇੜਲੇ ਪਿੰਡ ਮਹਿਲਾਂ ਵਿੱਚ ਬੀਤੇ ਦਿਨੀਂ ਵਾਪਰੇ ਸੜਕ ਹਾਦਸੇ ਨੂੰ ਲੈ ਕੇ ਇਲਾਕਾ ਵਾਸੀਆਂ ਵੱਲੋਂ ਕੌਮੀ ਮਾਰਗ ’ਤੇ ਧਰਨਾ ਦੇ ਕੇ ਆਵਾਜਾਈ ਠੱਪ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਅਤੇ ਬੀਕੇਯੂ (ਸਿੱਧੂਪੁਰ) ਦੀ ਅਗਵਾਈ ਹੇਠ ਇਕਠੇ ਹੋਏ ਧਰਨਾਕਾਰੀਆਂ ਦੀ ਮੰਗ ਸੀ ਕਿ ਹਾਦਸੇ ਵਿਚ ਜਾਨ ਗੁਆਉਣ ਗਈ ਸਕੂਲੀ ਵਿਦਿਆਰਥਣ ਦੇ ਪੀੜਤ ਪਰਿਵਾਰ ਨੂੰ 15 ਲੱਖ ਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਕਰੀਬ ਸਾਢੇ ਤਿੰਨ ਘੰਟੇ ਤੱਕ ਚੱਲਿਆ ਇਹ ਧਰਨਾ ਐੱਸਡੀਐੱਮ ਸੁਨਾਮ ਵੱਲੋਂ ਭਰੋਸਾ ਦਿੱਤੇ ਜਾਣ ਤੋਂ ਬਾਅਦ ਚੁੱਕਿਆ ਗਿਆ। ਇਸ ਮੌਕੇ ਬੀਕੇਯੂ (ਉਗਰਾਹਾਂ) ਦੇ ਆਗੂ ਹਰਜੀਤ ਸਿੰਘ, ਬੀਕੇਯੂ (ਸਿੱਧੂਪੁਰ) ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਸਕੱਤਰ ਧਰਮਪਾਲ ਸਿੰਘ ਨੇ ਕਿਹਾ ਕਿ ਇਸ ਹਾਦਸੇ ਕਾਰਨ ਵਿਦਿਆਰਥਣ ਦੀ ਮੌਤ ਹੋ ਗਈ ਸੀ ਅਤੇ ਤਿੰਨ ਲੜਕੀਆਂ ਜ਼ਖ਼ਮੀ ਹੋ ਗਈਆਂ ਸਨ। ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕ ਵਿਦਿਆਰਥਣ ਦੇ ਪੀੜਤ ਪਰਿਵਾਰ ਅਤੇ ਗੰਭੀਰ ਜ਼ਖਮੀ ਲੜਕੀ ਦੇ ਪਰਿਵਾਰ ਨੂੰ 15-15 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਹਾਦਸੇ ਵਿੱਚ ਦੋ ਜ਼ਖਮੀ ਲੜਕੀਆਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇ। ਧਰਨਾਕਾਰੀਆਂ ਨੇ ਫਲਾਈਓਵਰ ਬਣਾਉਣ ਦੀ ਮੰਗ ਵੀ ਕੀਤੀ। ਐੱਸਡੀਐਮ ਸੁਨਾਮ ਜਸਪ੍ਰੀਤ ਸਿੰਘ ਨੇ ਧਰਨਾਕਾਰੀਆਂ ਦੀ ਮੀਟਿੰਗ ਸੰਗਰੂਰ ਦੇ ਡੀਸੀ ਨਾਲ ਕਰਵਾਉਣ ਦਾ ਭਰੋਸਾ ਦਿੱਤਾ। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 27 ਅਪਰੈਲ ਨੂੰ ਮੁੜ ਚੱਕਾ ਜਾਮ ਕੀਤਾ ਜਾਵੇਗਾ।