ਪੱਤਰ ਪ੍ਰੇਰਕ
ਪਟਿਆਲਾ, 2 ਅਕਤੂਬਰ
ਮਾਲਵਾ ਰਿਸਰਚ ਸੈਂਟਰ ਪਟਿਆਲਾ ਤੇ ਗੁਰਮਤਿ ਲੋਕ ਧਾਰਾ ਵਿਚਾਰ ਮੰਚ ਪਟਿਆਲਾ ਵੱਲੋਂ ਭਾਸ਼ਾ ਭਵਨ ਪਟਿਆਲਾ ਵਿੱਚ ਚਰਚਾ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ, ਵਿਸ਼ੇਸ਼ ਮਹਿਮਾਨ ਡਾ. ਵੀਰਪਾਲ ਕੌਰ ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਤੇ ਡਾ. ਭਗਵੰਤ ਸਿੰਘ ਮੁੱਖ ਸੰਪਾਦਕ ਜਾਗੋ ਇੰਟਰਨੈਸ਼ਨਲ ਮੰਚ ’ਤੇ ਹਾਜ਼ਰ ਸਨ।
ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਭਾਵੇਂ ਆਪਣੀ ਆਰਥਿਕਤਾ ਨੂੰ ਤਬਾਹ ਹੋਣ ਤੋਂ ਬਚਾਉਣਾ, ਆਪਣੀ ਸਮਾਜਿਕ ਸਥਿਰਤਾ ਨੂੰ ਕਾਇਮ ਰੱਖਣਾ ਅਤੇ ਵਾਤਾਵਰਨ ਨੂੰ ਪਲੀਤ ਹੋਣ ਅਤੇ ਪੰਜਾਬ ਨੂੰ ਬੰਜਰ ਹੋਣ ਤੋਂ ਬਚਾਉਣਾ ਸਭ ਪੰਜਾਬ ਅਤੇ ਪੰਜਾਬੀਆਂ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਹਨ ਪਰ ਸਭ ਤੋਂ ਵੱਡੀ ਚੁਣੌਤੀ ਪੰਜਾਬ ਦੀ ਸੱਭਿਆਚਾਰਕ ਹੋਂਦ ਅਤੇ ਵਿਲੱਖਣਤਾ ਨੂੰ ਕਾਇਮ ਰੱਖਣਾ ਹੈ, ਸੱਭਿਆਚਾਰ ਤੋਂ ਬਿਨਾਂ ਨੈਤਿਕਤਾ ਕਾਇਮ ਨਹੀਂ ਰਹਿ ਸਕਦੀ ਅਤੇ ਨੈਤਿਕਤਾ ਹੀ ਧਰਮ ਦਾ ਮੁੱਖ ਪੱਖ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬੀਆਂ ਵਿੱਚ ਪੈਸੇ ਨੂੰ ਧਰਮ ਤੋਂ ਉੱਪਰ ਰੱਖਣ ਦੀ ਪ੍ਰਵਿਰਤੀ ਪ੍ਰਬਲ ਹੁੰਦੀ ਨਜ਼ਰ ਆ ਰਹੀ ਹੈ। ਡਾ. ਤੇਜਵੰਤ ਮਾਨ ਪੰਜਾਬੀ ਸਾਹਿਤ ਰਤਨ ਨੇ ਪੰਜਾਬ ਦੇ ਸਾਂਝੇ ਹਿੱਤਾਂ ਦੀ ਗੱਲ ਕਰਦੇ ਹੋਏ ਗੁਰਮਤਿ ਵਿਚਾਰਧਾਰਾ ਅਨੁਸਾਰ ਪੰਜਾਬ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਤੇ ਜ਼ੋਰ ਦਿੱਤਾ। ਇਸ ਮੌਕੇ ਸੇਵਾਮੁਕਤ ਆਈਏਐੱਸ ਗੁਰਤੇਜ ਸਿੰਘ ਅਤੇ ਡਾ. ਹਰਕੇਸ਼ ਸਿੰਘ ਸਿੱਧੂ ਸੰਬੋਧਨ ਕੀਤਾ।
ਇਸ ਮੌਕੇ ਵਿਸ਼ਵ ਚਿੰਤਕ ਡਾ. ਸਵਰਾਜ ਸਿੰਘ ਨੇ ਪ੍ਰਧਾਨਗੀ ਭਾਸ਼ਣ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਅਤੇ ਪੰਜਾਬੀਆਂ ਨੂੰ ਆਰਥਿਕ, ਸਮਾਜਿਕ, ਸਭਿਆਚਾਰਕ, ਨੈਤਿਕ ਤੇ ਵਾਤਾਵਰਨ ਨੂੰ ਸੰਭਾਲਣ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।