ਖੇਤਰੀ ਪ੍ਰਤੀਨਿਧ
ਪਟਿਆਲਾ, 9 ਅਕਤੂਬਰ
ਜ਼ਿਲ੍ਹਾ ਪਟਿਆਲਾ ਦੇ ਕਿਸੇ ਵੀ ਨਾਗਰਿਕ ਵੱਲੋਂ ਰੱਖੇ ਜਾਣ ਵਾਲੇ ਨੌਕਰਾਂ ਅਤੇ ਕਿਰਾਏਦਾਰਾਂ ਸਮੇਤ ਪੀਜੀ ਸਬੰਧੀ ਇਲਾਕੇ ਨਾਲ ਸਬੰਧਤ ਥਾਣਿਆਂ ’ਚ ਜਾਣਕਾਰੀ ਦੇਣੀ ਯਕੀਨੀ ਬਣਾਓਣ ਦੀ ਤਾਕੀਦ ਕੀਤੀ ਗਈ ਹੈ। ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ, ਪਟਿਆਲਾ ਦੇ ਏਡੀਸੀ-ਕਮ-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਵੱਲੋਂ ਜਾਰੀ ਕੀਤੇ ਗਏ ਹੁਕਮ ਦੌਰਾਨ ਕਿਹਾ ਗਿਆ ਹੈ ਕਿ ਜ਼ਿਲ੍ਹੇ ਦੀ ਹੱਦ ਅੰਦਰ ਰਹਿਣ ਵਾਲ਼ਾ ਕੋਈ ਵੀ ਨਾਗਰਿਕ ਜਦੋਂ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਸ ਦਾ ਪੂਰਾ ਵੇਰਵਾ ਨੇੜੇ ਦੇ ਥਾਣੇ ਜਾਂ ਚੌਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ। ਮਕਾਨ ਮਾਲਕ ਆਪਣੇ ਘਰਾਂ’ਚ ਰਹਿਣ ਵਾਲੇ ਬਾਹਰੀ ਵਿਅਕਤੀਆਂ ਬਾਰੇ ਪੁਲੀਸ ਨੂੰ ਸੂਚਨਾ ਦੇਣੀ ਯਕੀਨੀ ਬਣਾਉਣ ਤਾਂ ਜੋ ਅਮਨ ਅਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾ ਸਕੇ। ਅਜਿਹਾ ਨਾ ਕਰਨ ਦੀ ਸੂਰਤ ’ਚ ਮਕਾਨ ਮਾਲਕਾਂ ਖਿਲਾਫ਼ ਵੀ ਕਾਰਵਾਈ ਹੋ ਸਕਦੀ ਹੈ।