ਰਾਜਪੁਰਾ: ਵਿਧਾਨ ਸਭਾ ਚੋਣਾਂ ਸਬੰਧੀ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਨੁੱਕੜ ਮੀਟਿੰਗ ਦਾ ਦੌਰ ਸ਼ੁਰੂ ਕੀਤਾ ਗਿਆ। ਵਿਧਾਇਕ ਵੱਲੋਂ ਅੱਜ ਸਥਾਨਕ ਭਗਤ ਸਿੰਘ ਕਲੋਨੀ ਵਿੱਚ ਦਲਿਤ ਵਰਗ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਹਲਕਾ ਵਾਸੀਆਂ ਨੂੰ ਲੋਹੜੀ ਦੀਆਂ ਵਧਾਈਆਂ ਦਿੰਦਿਆਂ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਈ ਵੱਡੀ ਰੈਲੀ ਜਾਂ ਬੈਠਕ ਨਹੀਂ ਕੀਤੀ ਜਾ ਸਕਦੀ, ਇਸ ਲਈ ਉਹ ਇਲਾਕੇ ਵਿਚ 5-5 ਵਿਅਕਤੀਆਂ ਦੀਆਂ ਟੀਮਾਂ ਬਣਾ ਕੇ ਘਰ ਘਰ ਜਾ ਕੇ ਸਰਕਾਰ ਵੱਲੋਂ ਸਥਾਨਕ ਪੱਧਰ ’ਤੇ ਹੋਏ ਵਿਕਾਸ ਕਾਰਜਾਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਲਦੇਵ ਸਿੰਘ ਗੱਦੋਮਾਜਰਾ, ਸਰਬਜੀਤ ਸਿੰਘ ਮਾਣਕਪੁਰ ਸਮੇਤ ਹੋਰ ਆਗੂ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ