ਗੁਰਨਾਮ ਸਿੰਘ ਚੌਹਾਨ
ਪਾਤੜਾਂ, 15 ਸਤੰਬਰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਉਪਲਬੱਧ ਕਰਵਾਉਣ ਦੇ ਮਕਸਦ ਨਾਲ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪਿੰਡ ਨਿਆਲ ਵਿੱਚ ਜਨ ਸੁਵਿਧਾ ਕੈਂਪ ਲਗਾਇਆ ਗਿਆ। ਇਸ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਲੋਕਾਂ ਦੇ ਮਸਲੇ ਸੁਣੇ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜਨ ਸੁਵਿਧਾ ਕੈਂਪ ਲਗਾਉਣ ਦਾ ਅਹਿਮ ਉਪਰਾਲਾ ਕੀਤਾ ਹੈ, ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਖ਼ਤਮ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਹਰੇਕ ਹਫ਼ਤੇ ਲਗਾਏ ਜਾ ਰਹੇ ਹਨ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਇੱਕੋਂ ਛੱਤ ਥੱਲੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਹਨ ਤੇ ਮੌਕੇ ‘ਤੇ ਹੱਲ ਹੋਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਂਦਾ ਹੈ ਤੇ ਰਹਿੰਦੇ ਮਸਲਿਆਂ ਨੂੰ ਸਮਾਂ-ਬੱਧ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਇਨ੍ਹਾਂ ਕੈਂਪਾਂ ਦਾ ਲਾਭ ਜ਼ਰੂਰ ਉਠਾਉਣ ਅਤੇ ਆਪਣੇ ਦਸਤਾਵੇਜ਼ ਪਹਿਲਾਂ ਹੀ ਤਿਆਰ ਰੱਖਣ।
ਕੈਂਪ ਦੌਰਾਨ ਤਹਿਸੀਲਦਾਰ ਹਰਸਿਮਰਨ ਸਿੰਘ ਨੇ ਦੱਸਿਆ ਕਿ ਜਨ ਸੁਵਿਧਾ ਕੈਂਪ ਦੌਰਾਨ ਜ਼ਿਲ੍ਹੇ ਦੇ ਸਮੂਹ ਵਿਭਾਗ ਸ਼ਾਮਲ ਸਨ, ਜਿਨ੍ਹਾਂ ‘ਚ ਖੁਰਾਕ ਤੇ ਸਿਵਲ ਸਪਲਾਈ, ਸੀਡੀਪੀਓ ਦਫ਼ਤਰ, ਬੀਡੀਪੀਓ ਦਫ਼ਤਰ, ਤਹਿਸੀਲ ਦਫ਼ਤਰ, ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਨੇ ਲੋਕਾਂ ਦੇ ਮਸਲੇ ਨਿਬੇੜੇ ਅਤੇ ਮੌਕੇ ’ਤੇ ਹੀ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ।