ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 3 ਜੂਨ
ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਰਾਜ ਦੇ ਸਰਕਾਰੀ ਸਕੂਲਾਂ ਦੀ ਕੀਤੀ ਗਈ ਦਰਜਾਬੰਦੀ ਤਹਿਤ ਪਟਿਆਲਾ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਸਕੂਲਾਂ ’ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ ਨੇ ਅੱਵਲ ਸਥਾਨ ਹਾਸਲ ਕਰਕੇ, 10 ਲੱਖ ਰੁਪਏ ਦੀ ਇਨਾਮੀ ਰਾਸ਼ੀ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ ਵਰ੍ਹੇ ਇਸ ਸਕੂਲ ਨੇ ਪੰਜਾਬ ਦਾ ਸਰਵੋਤਮ ਸਰਕਾਰੀ ਸਕੂਲ ਬਣਨ ਦਾ ਮਾਣ ਵੀ ਪ੍ਰਾਪਤ ਕੀਤਾ ਸੀ। ਪ੍ਰਿੰਸੀਪਲ ਬਲਵੀਰ ਸਿੰਘ ਜੌੜਾ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਦਾ ਇਸੇ ਸੈਸ਼ਨ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਵਜੋਂ ਨਾਮਕਰਨ ਕੀਤਾ ਗਿਆ ਹੈ। ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ 1300 ਤੋਂ 2362 ਹੋ ਗਈ ਹੈ।