ਸੁਭਾਸ਼ ਚੰਦਰ
ਸਮਾਣਾ, 12 ਨਵੰਬਰ
ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਸਾੜਨ ਦੀ ਬਜਾਏ ਪਰਾਲੀ ਪ੍ਰਬੰਧਨ ਦੀ ਅਪੀਲ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਦਿਆਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐੱਸਐੱਸਪੀ ਡਾ. ਨਾਨਕ ਸਿੰਘ ਨੇ ਪਿੰਡ ਕੁਲਾਰਾ ਵਿੱਚ ਉਸ ਥਾਂ ਦਾ ਦੌਰਾ ਵੀ ਕੀਤਾ ਜਿੱਥੇ ਪਰਾਲੀ ਦੀਆਂ ਗੱਠਾਂ ਰੱਖੀਆਂ ਹੋਈਆਂ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਪਿੰਡ ਕਕਰਾਲਾ, ਕੁਲਾਰਾ, ਭੇਡਪੁਰ, ਦੋਦੜਾ, ਕੋਟਲੀ ਸਮੇਤ ਸਮਾਣਾ ਸਬ ਡਵੀਜ਼ਨ ਦੇ ਹੋਰਨਾਂ ਪਿੰਡਾਂ ਦਾ ਦੌਰਾ ਕਰਦਿਆਂ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਜਿਥੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਉਥੇ ਹੀ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਦਿਆਂ ‘ਉੱਨਤ ਕਿਸਾਨ’ ਐਪ ਰਾਹੀਂ ਵੀ ਮਸ਼ੀਨਰੀ ਦੀ ਬੂਕਿੰਗ ਕੀਤੀ ਜਾ ਰਹੀ ਹੈ।
ਐੱਸਡੀਐੱਮ ਵਿਕਾਸ ਹੀਰਾ ਵੱਲੋਂ ਪਿੰਡਾਂ ਦਾ ਦੌਰਾ
ਧੂਰੀ/ਸ਼ੇਰਪੁਰ (ਬੀਰਬਲ ਰਿਸ਼ੀ): ਐੱਸਡੀਐੱਮ ਧੂਰੀ ਵਿਕਾਸ ਹੀਰਾ ਆਪਣੀ ਟੀਮ ਸਮੇਤ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰ ਰਹੇ ਹਨ। ਪਿੰਡ ਸ਼ੇਰਪੁਰ ਸੋਢੀਆ, ਘਨੌਰੀ ਕਲਾਂ, ਕਾਤਰੋਂ, ਮੀਮਸਾ ਸਮੇਤ ਹੋਰ ਪਿੰਡਾਂ ਦੇ ਦੌਰੇ ਦੌਰਾਨ ਉਨ੍ਹਾਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਅਪਣਾਉਣ ਅਤੇ ਸਰਕਾਰ ਵੱਲੋਂ ਸਬਸਿਡੀ ’ਤੇ ਉਪਲਬਧ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਤੋਂ ਇਲਾਵਾ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਮਿੱਟੀ ਵਿੱਚ ਰਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੱਤੀ।