ਰਵੇਲ ਸਿੰਘ ਭਿੰਡਰ
ਪਟਿਆਲਾ, 18 ਮਾਰਚ
ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿੱਚ ਅੱਜ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਸਵੇਰੇ ਕਵਾੜ ਖੁੱਲ੍ਹਣ ਮਗਰੋਂ ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਅੱਗੇ ਸੀਸ ਨਿਵਾਇਆ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ।
ਹੈੱਡ ਗ੍ਰੰਥੀ ਗਿਆਨੀ ਭਾਈ ਪ੍ਰਨਾਮ ਸਿੰਘ ਨੇ ਮੁੱਖਵਾਕ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਹਜ਼ੂਰੀ ਕੀਰਤਨੀ ਭਾਈ ਹਰਪ੍ਰੀਤ ਸਿੰਘ ਨੇ ਜਥੇ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪੰਚਮੀ ਦੇ ਦਿਹਾੜੇ ਮੌਕੇ ਅੱਜ ਇੱਥੇ ਦੀਵਾਨ ਸਜਾਏ ਗਏ। ਇਸ ਮੌਕੇ ਹੈਡ ਗ੍ਰੰਥ ਭਾਈ ਪ੍ਰਨਾਮ ਸਿੰਘ ਨੇ ਕਿਹਾ ਕਿ ਸਮੁੱਚਾ ਖਾਲਸਾ ਪੰਥ 400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਮਨਾ ਰਿਹਾ ਹੈ। ਇਸ ਮੌਕੇ ਭਾਈ ਚਮਕੌਰ ਸਿੰਘ ਕਕਰਾਲਾ, ਭਾਈ ਰੂਪ ਸਿੰਘ ਅਲਬੇਲਾ ਕਵੀਸ਼ਰੀ, ਗੁਰਪਿਆਰ ਸਿੰਘ ਜੌਹਰ ਢਾਡੀ ਜਥਾ, ਬੀਬੀ ਹਰਪ੍ਰੀਤ ਕੌਰ, ਹਰਪ੍ਰੀਤ ਸਿੰਘ ਅਤਾਨਾ, ਭਾਈ ਅਮਨਦੀਪ ਸਿੰਘ ਬਿਿਗ, ਬੀਬੀ ਮੁਖਤਿਆਰ ਸਿੰਘ ਢਾਡੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ।
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 21 ਨੂੰ
ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪਟਿਆਲਾ ਦਾ ਮੁੱਖ ਧਾਰਮਿਕ ਸਮਾਗਮ 21 ਮਾਰਚ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿੱਚ ਕਰਵਾਇਆ ਜਾ ਰਿਹਾ ਹੈ ਅਤੇ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ। ਮੈਨੇਜਰ ਕਰਨੈਲ ਸਿੰਘ ਨਾਭਾ ਨੇ ਦੱਸਿਆ ਕਿ ਸਮਾਗਮਾਂ ਦੀ ਲੜੀ ’ਚ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿੱਚ 400 ਬੱਚਿਆਂ ਦੇ ਗਾਇਨ ਮੁਕਾਬਲੇ ਹੋਣਗੇ। ਉਨਾਂ ਦੱਸਿਆ ਕਿ ਮੁੱਖ ਸਮਾਗਮ ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਕਥਾਵਾਚਕ ਭਾਈ ਪਿੰਦਰਪਾਲ ਸਿੰਘ, ਬਾਬਾ ਬੰਤ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸ਼ਿਰਕਤ ਕਰਨਗੇ।