ਖੇਤਰੀ ਪ੍ਰਤੀਨਿਧ
ਪਟਿਆਲਾ, 29 ਦਸੰਬਰ
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਨੇ ਅੱਜ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖਵਾਕ ਗਿਆਨੀ ਫੂਲਾ ਸਿੰਘ ਨੇ ਲਿਆ ਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਤੜਕਸਵੇਰੇ ਕਵਾੜ੍ਹ ਖੁੱਲ੍ਹਣ ਮਗਰੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਹਜ਼ੂਰੀ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਪ੍ਰਵਾਹ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਨੇ ਪ੍ਰਕਾਸ਼ ਦਿਹਾੜੇ ‘ਤੇ ਪੰਗਤ ਸੰਗਤ ਕੀਤੀ ਅਤੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ।
ਪ੍ਰਕਾਸ਼ ਦਿਹਾੜੇ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ, ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਕਿਹਾ ਕਿ ਦਸਮੇਸ਼ ਪਿਤਾ ਨੇ ਜ਼ਬਰ ਜ਼ੁਲਮ ਖ਼ਿਲਾਫ਼ ਅਨੇਕਾਂ ਜੰਗਾਂ ਲੜੀਆਂ ਤੇ ਆਪਣਾ ਪਰਿਵਾਰ ਧਰਮ ਦੀ ਰੱਖਿਆ ਲਈ ਕੁਰਬਾਨ ਕੀਤਾ ਆਪ ਜੀ ਦਾ ਸਮੁੱਚਾ ਜੀਵਨ ਸੰਘਰਸ਼ਮਈ ਘਾਲਣਾਮਈ ਰਿਹਾ, ਜੋ ਮਨੁੱਖਤਾ ਨੂੰ ਵੱਡੀ ਸੇਧ ਪ੍ਰਦਾਨ ਕਰਦਾ ਹੈ। ਉਨ੍ਹਾਂ ਦੱਸਿਆ ਕਿ ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ‘ਚ ਖਾਲਸਾ ਪੰਥ ਦੀ ਸਿਰਜਣਾ ਕਰਨ ਤੋਂ ਇਲਾਵਾ ਵਿਲੱਖਣ ਸਿਧਾਂਤ ਤੇ ਗੁਰਬਾਣੀ ਵੁੱਡਮੁੱਲਾ ਫਲਸਫਾ ਦਿੱਤਾ, ਜੋ ਸਾਰਿਆਂ ਨੂੰ ਧਰਮ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ ਅੱਜ ਲੋੜ ਹੈ ਕਿ ਹਰ ਸਿੱਖ ਗੁਰੂ ਸਾਹਿਬ ਦੇ ਸਿਧਾਂਤ ਤੇ ਗੁਰਬਾਣੀ ਨੂੰ ਪ੍ਰਣਾਵੇ ਤੇ ਬਾਣੀ, ਬਾਣੇ ਅਨੁਸਾਰ ਆਪਣਾ ਆਪ ਪ੍ਰਮਾਤਮਾ ਨੂੰ ਸਮਰਪਿਤ ਕਰੇ। ਇਸ ਮੌਕੇ ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ ਵੀ ਹਾਜ਼ਰ ਸਨ।
ਸੰਗਰੂਰ (ਨਿਜੀ ਪੱਤਰ ਪ੍ਰੇਰਕ) ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿੱਚ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ ਦੀ ਦੇਖ- ਰੇਖ ਹੇਠ ਹੋਏ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਅਤੇ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ। ਖਰਾਬ ਮੌਸਮ ਦੇ ਬਾਵਜੂਦ ਵੱਡੀ ਤਾਦਾਦ ‘ਚ ਸੰਗਤ ਗੁਰਮਤਿ ਸਮਾਗਮ ‘ਚ ਸ਼ਾਮਲ ਹੋਈ। ਕੀਰਤਨ ਦਰਬਾਰ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਵੀਰ ਸਿੰਘ ਕੋਹਾੜਕਾ ਨੇ ਕੀਤੀ। ਉਪਰੰਤ ਭਾਈ ਰਘਬੀਰ ਸਿੰਘ ਪਟਿਆਲਾ, ਭਾਈ ਮਨਪ੍ਰੀਤ ਸਿੰਘ ਅੰਮ੍ਰਿਤਸਰ, ਗਿਆਨੀ ਗੁਰਦੇਵ ਸਿੰਘ ਆਸਟ੍ਰੇਲੀਆ ਵਾਲਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਨਾਲ ਜੁੜਨ ਲਈ ਪ੍ਰੇਰਿਆ ਗਿਆ। ਸੁਰਿੰਦਰ ਪਾਲ ਸਿੰਘ ਸਿਦਕੀ ਨੇ ਸਟੱਡੀ ਸਰਕਲ ਵੱਲੋਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਗੁਰਬਾਣੀ ਦੇ ਸਤਿਕਾਰ ਸਬੰਧੀ ਵਿਚਾਰ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਗੁਰਮੀਤ ਸਿੰਘ ਸਾਹਨੀ ਨੇ ਦੱਸਿਆ ਕਿ ਭਲਕੇ 30 ਦਸੰਬਰ ਨੂੰ ਸ਼ਾਮ 6 ਵਜ਼ੇ ‘ਚਾਰ ਸਾਹਿਬਜ਼ਾਦੇ’ ਫਿਲਮ ਵਿਖਾਈ ਜਾਵੇਗੀ ਅਤੇ 31 ਦਸੰਬਰ ਦੀ ਸ਼ਾਮ ਨੂੰ ਦੁਰਲੱਭ ਸਿੱਕਿਆਂ ਦੀ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਜਾਵੇਗੀ ਤੇ ਅਦੁੱਤੀ ਕਵੀ ਦਰਬਾਰ ਹੋਵੇਗਾ। ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ, ਗੁਰਜੰਟ ਸਿੰਘ, ਬਲਜੀਤ ਸਿੰਘ ਸਰਨਾ, ਹਰਿੰਦਰ ਪਾਲ ਸਿੰਘ ਕੋਹਲੀ, ਮਨਵਿੰਦਰ ਸਿੰਘ ਸੋਬਤੀ, ਹਰਿੰਦਰ ਵੀਰ ਸਿੰਘ, ਬਲਜਿੰਦਰ ਸਿੰਘ, ਗਗਨਦੀਪ ਸਿੰਘ ਆਦਿ ਸ਼ਾਮਲ ਸਨ। ਹਰੀਸ਼ ਅਰੋੜਾ ਦੀ ਅਗਵਾਈ ਹੇਠ ਨਗਨ ਬਾਬਾ ਸਾਹਿਬ ਦਾਸ ਸੇਵਾ ਦੱਲ, ਭਾਈ ਘਨ੍ਹਈਆ ਜੀ ਸੇਵਾ ਦੱਲ, ਸੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ, ਇਸਤਰੀ ਸਤਿਸੰਗ ਸਭਾ ਨੇ ਵੱਖ ਵੱਖ ਸੇਵਾਵਾਂ ਨਿਭਾਈਆਂ। ਗੁਰੂ ਘਰ ਦੇ ਮੁੱਖ ਗ੍ਰੰਥੀ ਭਾਈ ਸੁੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।