ਖੇਤਰੀ ਪ੍ਰਤੀਨਿਧ
ਪਟਿਆਲਾ, 2 ਸਤੰਬਰ
ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿੱਚ ਪੰਚਮੀ ਦਿਹਾੜੇ ਮੌਕੇ ਸੰਗਤਾਂ ਨੇ ਵੱਡੀ ਗਿਣਤੀ ’ਚ ਮੱਥਾ ਟੇਕਿਆ। ਇਸ ਦੌਰਾਨ ਸੰਗਤ ਨੇ ਜਿੱਥੇ ਹਜ਼ੂਰੀ ਕੀਰਤਨੀ ਜਥਿਆਂ ਪਾਸੋਂ ਗੁਰਬਾਣੀ ਸਰਵਣ ਦਾ ਆਨੰਦ ਮਾਣਿਆ ਉਥੇ ਹੀ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਪੰਗਤ ਸੰਗਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ। ਮੁੱਖਵਾਕ ਭਾਈ ਅਜਮੇਰ ਸਿੰਘ ਵੱਲੋਂ ਲਿਆ ਗਿਆ ਜਦਕਿ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਢਾਡੀ ਕਵੀਸ਼ਰੀ ਜਥਿਆਂ ਨੇ ਸੰਗਤ ਨੂੰ ਸਿੱਖ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਗੁਰਦੁਆਰਾ ਮੈਨੇਜਰ ਜਰਨੈਲ ਸਿੰਘ ਮੁਕਤਸਰੀ ਦੀ ਦੇਖਰੇਖ ’ਚ ਹੋਏ ਇਨ੍ਹਾਂ ਸਮਾਗਮਾਂ ਦੌਰਾਨ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਤਿਹਾਸ ’ਤੇ ਚਾਨਣਾ ਪਾਿਆ। ਪ੍ਰੋ. ਬਡੂੰਗਰ ਨੇ ਅਜੋਕੀ ਪੀੜ੍ਹੀ ਪ੍ਰਤੀ ਚਿੰਤਾ ਵਿਅਕਤ ਕਰਦਿਆਂ ਕਿਹਾ ਕਿ ਸਮਾਜ ਵਿਚ ਨਸ਼ਾ ਜਵਾਨੀ ਨੂੰ ਖੋਖਲਾ ਕਰ ਰਿਹਾ, ਜਿਸ ਦਾ ਅਹਿਮ ਕਾਰਨ ਬੇਰੁਜ਼ਗਾਰੀ ਹੈ। ਇਸ ਮੌਕੇ ਮੈਨੇਜਰ ਜਰਨੈਲ ਸਿੰਘ ਮੁਕਤਸਰੀ ਤੇ ਮੀਤ ਮੈਨੇਜਰ ਗੁਰਮੀਤ ਸਿੰਘ ਆਦਿ ਮੌਜੂਦ ਸਨ।